ਪੀ. ਪੀ. ਵਰਮਾ
ਪੰਚਕੂਲਾ, 20 ਸਤੰਬਰ
ਖੇਤੀ ਬਿੱਲਾਂ ਦੇ ਖ਼ਿਲਾਫ਼ ਕਿਸਾਨਾਂ ਨੇ ਅੱਜ ਬਰਵਾਲਾ ਹਾਈਵੇ ਨੂੰ ਜਾਮ ਕਰ ਦਿੱਤਾ। ਕਿਸਾਨ ਕਈ ਘੰਟੇ ਸੜਕ ਉੱਤੇ ਬੈਠੇ ਰਹੇ ਤੇ ਧਰਨਾ ਦਿੱਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸੀ ਆਗੂ ਤੇ ਹਰਿਆਣਾ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਚੰਦਰ ਮੋਹਨ ਨੇ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੌਰ ’ਤੇ ਟੁੱਟ ਚੁੱਕੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਨੇ ਖੇਤੀ ਬਿੱਲ ਪਾਸ ਕਰਵਾ ਕੇ ਕਿਸਾਨਾਂ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ।
ਸ੍ਰੀ ਚੰਦਰ ਮੋਹਨ ਨੇ ਕਿਹਾ ਕਿ ਮੰਡੀਕਰਣ ਸਬੰਧੀ ਵਿਆਪਕ ਚਰਚਾ ਹੋਣੀ ਚਾਹੀਦੀ ਸੀ ਜਿਹੜੀ ਕਿ ਕੇਂਦਰ ਸਰਕਾਰ ਨੇ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਵਿੱਚ ਕਿਸਾਨਾਂ ਨੂੰ ਅੰਨਦਾਤਾ ਕਿਹਾ ਜਾਂਦਾ ਹੈ ਪਰ ਮੌਜੂਦਾ ਸਮੇਂ ਅੰਨਦਾਤਾ ਦੀ ਸਾਰ ਨਹੀਂ ਲਈ ਜਾ ਰਹੀ ਤੇ ਆਰਥਿਕ ਲਾਭ ਕਾਰੋਬਾਰੀ ਘਰਾਣਿਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਵਾਪਿਸ ਨਾ ਲਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਸੰਘਰਸ਼ ਲਈ ਲਾਮਬੱਧ ਹਨ ਅਤੇ ਹਰਿਆਣਾ ਕਾਂਗਰਸ ਕਿਸਾਨਾਂ ਦਾ ਪੂਰਾ ਸਾਥ ਦੇਵੇਗੀ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪੁਲੀਸ ਨੇ ਪੁੱਖਤਾ ਪ੍ਰਬੰਧ ਕੀਤੇ ਹੋਏ ਸਨ। ਪੁਲੀਸ ਨੇ ਕਿਸਾਨਾਂ ਨੂੰ ਹਾਈਵੇ ਤੋਂ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਕਿਸਾਨਾਂ ਦੇ ਰੋਹ ਅੱਗੇ ਪੁਲੀਸ ਬੇਵੱਸ ਨਜ਼ਰ ਆਈ। ਰੋਸ ਪ੍ਰਦਰਸ਼ਨ ਦੌਰਾਨ ਕਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਵੀ ਨਹੀਂ ਕੀਤੀ ਗਈ।