ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਰੈਲੀ: ਟਰੈਫ਼ਿਕ ਐਡਵਾਈਜ਼ਰੀ ਜਾਰੀ

ਪੁਲੀਸ ਨੇ ਤਿੰਨ ਹਜ਼ਾਰ ਦੇ ਕਰੀਬ ਮੁਲਾਜ਼ਮ ਕੀਤੇ ਤਾਇਨਾਤ
ਕਿਸਾਨ ਯੂਨੀਅਨ (ਰਾਜੇਵਾਲ) ਦੀ ਮੁਹਾਲੀ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ’ਚ ਸ਼ਾਮਲ ਕਿਸਾਨ। -ਫੋਟੋ: ਚਿੱਲਾ
Advertisement

ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ 43 ਸਥਿਤ ਗਰਾਊਂਡ ਵਿੱਚ 26 ਨਵੰਬਰ ਨੂੰ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਦੇ ਸੈਕਟਰ 43 ਪਹੁੰਚਣਗੇ। ਕਿਸਾਨਾਂ ਦੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਆਉਣ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਵੱਡੇ-ਵੱਡੇ ਜਾਮ ਲੱਗ ਸਕਦੇ ਹਨ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲੀਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਲੋਕਾਂ ਨੂੰ ਸੈਕਟਰ 43 ਵਿੱਚ ਰੈਲੀ ਵਾਲੇ ਗਰਾਊਂਡ ਦੇ ਆਲੇ-ਦੁਆਲੇ ਦੀਆਂ ਸੜਕਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਕਈ ਸੜਕਾਂ ’ਤੇ ਆਵਾਜਾਈ ਤਬਦੀਲ ਕਰ ਦਿੱਤੀ ਗਈ ਹੈ। ਉੱਧਰ, ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤਿੰਨ ਹਜ਼ਾਰ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ। ਟਰੈਫਿਕ ਪੁਲੀਸ ਨੇ ਜਨ ਮਾਰਗ ’ਤੇ ਸਥਿਤ ਸੈਕਟਰ 42/43/52 ਤੇ 53 ਵਾਲਾ ਚੌਕ (ਕਜਹੇੜੀ ਚੌਕ) ਤੋਂ ਸੈਕਟਰ 42/43 ਵਾਲੇ ਛੋਟੇ ਚੌਕ ਤੱਕ ਅਤੇ ਸੈਕਟਰ 35/36/42 ਤੇ 43 ਵਾਲੇ ਅਟਾਵਾ ਚੌਕ ਤੱਕ ਆਵਾਜਾਈ ਪ੍ਰਭਾਵਿਤ ਰਹੇਗੀ। ਇਸੇ ਤਰ੍ਹਾਂ ਸੈਕਟਰ 43/44 ਵਾਲੇ ਲਾਈਟ ਪੁਆਇੰਟ ਤੋਂ ਜੁਡੀਸ਼ੀਅਲ ਅਕੈਡਮੀ ਵਾਲੇ ਲਾਈਟ ਪੁਆਇੰਟ ਤੱਕ ਅਤੇ ਸੈਕਟਰ 42/43 ਵਾਲੇ ਛੋਟੇ ਚੌਕ ਤੱਕ ਆਵਾਜਾਈ ਪ੍ਰਭਾਵਿਤ ਰਹੇਗੀ।

ਪੁਖ਼ਤਾ ਪ੍ਰਬੰਧ ਕੀਤੇ: ਐੱਸ ਐੱਸ ਪੀ

Advertisement

ਚੰਡੀਗੜ੍ਹ ਪੁਲੀਸ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਰੈਲੀ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਹਨ। ਇਸ ਦੌਰਾਨ ਪੁਲੀਸ ਵੱਲੋਂ ਸ਼ਹਿਰ ਵਿੱਚ ਆਵਾਜਾਈ ਵਿਵਸਥਾ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ।

ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ’ਚ ਉਤਸ਼ਾਹ

ਐੱਸ ਏ ਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ 26 ਨਵੰਬਰ ਨੂੰ ਸੈਕਟਰ 43 ਦੇ ਦਸਹਿਰਾ ਗਰਾਊਂਡ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਇਕੱਤਰਤਾ ਲਈ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਸ ਸਬੰਧੀ ਵੱਖ-ਵੱਖ ਮੀਟਿੰਗਾਂ ਕਰ ਕੇ ਡਿਊਟੀਆਂ ਲਗਾਈਆਂ ਗਈਆਂ। ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਹੋਈ। ਇਸ ਮੌਕੇ ਐੱਸ ਕੇ ਐੱਮ ਦੀ ਚੰਡੀਗੜ੍ਹ ਵਿੱਚ ਹੋਣ ਵਾਲੇ ਇਕੱਠ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਯੂਨੀਅਨ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਮੁਹਾਲੀ ਦੇ ਚਾਰ ਬਲਾਕਾਂ ਤੋਂ 400 ਕਿਸਾਨ ਇਕੱਠ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਲਖਵਿੰਦਰ ਸਿੰਘ ਕਰਾਲਾ, ਹਰਜੀਤ ਸਿੰਘ ਸਿਆਊ, ਗੁਰਵਿੰਦਰ ਸਿੰਘ ਸਿਆਊ, ਜਸਵਿੰਦਰ ਸਿੰਘ ਕੰਡਾਲਾ, ਅਮਰਜੀਤ ਸਿੰਘ ਪਡਿਆਲਾ ਅਤੇ ਪਰਮਜੀਤ ਸਿੰਘ ਲਖਨੌਰ ਸ਼ਾਮਲ ਹੋਏ। ਇਸੇ ਤਰ੍ਹਾਂ ਕਿਸਾਨ ਯੂਨੀਅਨ (ਲੱਖੋਵਾਲ) ਤੇ ਹੋਰ ਜਥੇਬੰਦੀਆਂ ਨੇ ਵੀ ਮੀਟਿੰਗਾਂ ਕਰ ਕੇ ਕਾਰਕੁਨਾਂ ਦੀਆਂ ਡਿਊਟੀਆਂ ਲਾਈਆਂ।

Advertisement
Show comments