ਪੰਜਾਬ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਫ਼ਤਰ ਅੱਗੇ ਗਵਰਨਿੰਗ ਬਾਡੀ ‘ਸੈਨੇਟ’ ਦਾ ਪੁਰਾਣਾ ਢਾਂਚਾ ਹੂ-ਬ-ਹੂ ਬਹਾਲ ਕਰਵਾਉਣ ਅਤੇ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਵਾਉਣ ਦੀ ਮੰਗ ਲਈ ਵਿਦਿਆਰਥੀਆਂ ਵੱਲੋਂ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਰਾਹੀਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਹਰ ਤਰ੍ਹਾਂ ਦੀ ਮਦਦ ਐਲਾਨ ਕੀਤਾ ਹੈ।
ਅੱਜ ਧਰਨੇ ਵਿੱਚ ਆਮ ਆਦਮੀ ਪਾਰਟੀ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ ਨੇ ਧਰਨੇ ਵਿੱਚ ਸ਼ਿਰਕਤ ਕਰ ਕੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਹਮਾਇਤ ਕੀਤੀ। ਹਾਲਾਂਕਿ ਦੋਵੇਂ ਸੰਸਦ ਮੈਂਬਰਾਂ ਨੇ ਇਸ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਗਈ ਮੁਲਾਕਾਤ ਸਮੇਤ ਸੂਬਾ ਸਰਕਾਰ ਪੱਧਰ ’ਤੇ ਕੀਤੇ ਜਾ ਰਹੇ ਕੀਤੇ ਜਾ ਰਹੇ ਯਤਨਾਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਪਰ ਪਹਿਲਾਂ ਹੀ ਗੁੱਸੇ ਵਿੱਚ ਭਰੇ ਕੁਝ ਵਿਦਿਆਰਥੀਆਂ ਨੇ ਇਨ੍ਹਾਂ ਯਤਨਾਂ ਨੂੰ ਨਾਕਾਫ਼ੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਆ ਕੇ ਧਰਨੇ ਵਿੱਚ ਬੈਠਣਾ ਚਾਹੀਦਾ ਹੈ।
ਸੰਸਦ ਮੈਂਬਰ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਸੈਨੇਟ’ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਗੈਰ-ਸੰਵਿਧਾਨਕ ਹੈ ਅਤੇ ਪੰਜਾਬ ਯੂਨੀਵਰਸਿਟੀ ਐਕਟ-1947 ਦੀ ਉਲੰਘਣਾ ਕਰਦਾ ਹੈ ਜਿਸ ਨੂੰ ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਹੋਇਆ ਹੈ। ਸਿੱਖਿਆ ਮੰਤਰਾਲੇ ਨੂੰ ਰਾਜ ਐਕਟ ਰਾਹੀਂ ਸਥਾਪਤ ਸੰਸਥਾਵਾਂ ਨੂੰ ਸੋਧਣ ਜਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪੰਜਾਬ ਯੂਨੀਵਰਸਿਟੀ ਵੰਡ ਤੋਂ ਪਹਿਲਾਂ ਪੰਜਾਬ ਦੀ ਵਿਰਾਸਤ ਹੈ, ਇਸ ਦਾ ਪੰਜਾਬ ਨਾਲ ਭਾਵਨਾਤਮਕ, ਸੰਵਿਧਾਨਕ ਅਤੇ ਇਤਿਹਾਸਕ ਸਬੰਧ ਹੈ। ਇਸ ਲੋਕਤੰਤਰੀ ਢਾਂਚੇ ਨੂੰ ਖਤਮ ਕਰਨ ਦੀ ਭਾਜਪਾ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਯੂਨੀਵਰਸਿਟੀ ਹੀ ਨਹੀਂ ਬਲਕਿ ਇਹ ਪੰਜਾਬ ਦੇ ਇਤਿਹਾਸ ਅਤੇ ਪਹਿਚਾਣ ਦਾ ਇੱਕ ਜੀਵਤ ਹਿੱਸਾ ਹੈ। ਕੇਂਦਰ ਦੀ ਵਾਰ-ਵਾਰ ਦਖਲਅੰਦਾਜ਼ੀ ਨਾ ਸਿਰਫ਼ ਗੈਰ-ਸੰਵਿਧਾਨਕ ਹੈ ਬਲਕਿ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਤੀ ਡੂੰਘੀ ਅਸੰਵੇਦਨਸ਼ੀਲ ਹੈ। ਹੇਅਰ ਨੇ ਯਾਦ ਦਿਵਾਇਆ ਕਿ ਅੰਤਰ-ਰਾਜੀ ਸੰਸਥਾ ਕਾਰਪੋਰੇਟ ਵਜੋਂ ਯੂਨੀਵਰਸਿਟੀ ਦੀ ਕਾਨੂੰਨੀ ਸਥਿਤੀ ਨੂੰ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਬਦਲਿਆ ਨਹੀਂ ਜਾ ਸਕਦਾ। ਅਜਿਹੇ ਕਦਮ ਪਹਿਲਾਂ ਹੀ ਵਿਦਿਆਰਥੀਆਂ, ਅਧਿਆਪਕਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਗੁੱਸਾ ਪੈਦਾ ਕਰ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਧਰਨੇ ਵਿੱਚ ਆਪਣੇ ਸਮਰਥਕਾਂ ਸਮੇਤ ਸ਼ਿਰਕਤ ਕੀਤੀ ਅਤੇ ਪੁਰਾਣੀ ਸੈਨੇਟ ਬਹਾਲ ਕਰਨ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ।
ਭਾਰਤੀ ਕਿਸਾਨ ਏਕਤਾ ਸਿੱਧੂਪੁਰ ਤੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ, ਜਸਬੀਰ ਸਿੰਘ ਸਿੱਧੂਪੁਰ ਮੀਤ ਪ੍ਰਧਾਨ, ਨਾਹਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਨੇ ਵੀ ਆਪਣੇ ਜਥੇ ਸਮੇਤ ਧਰਨੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਘਰਸ਼ ਸ਼ੁਰੂ ਕਰਨ ਵਾਲੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਕਿਹਾ ਕਿਸਾਨਾਂ ਤੋਂ ਵਿਦਿਆਰਥੀ ਜਿਸ ਤਰ੍ਹਾਂ ਦੀ ਵੀ ਮਦਦ ਚਾਹੁਣਗੇ, ਉਹ ਕੀਤੀ ਜਾਵੇਗੀ ਅਤੇ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

