ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਜੂਨ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਸੱਤ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਧਰਨੇ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ 26 ਜੂਨ ਨੂੰ ਸਮੂਹ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਰੋਸ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਅੱਜ ਇੱਥੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਚ ਮੀਟਿੰਗ ਕੀਤੀ। 26 ਜੂਨ ਨੂੰ ਕੀਤੇ ਜਾਣਗੇ ਪੈਦਲ ਮਾਰਚ ਦੀ ਰੂਪ-ਰੇਖਾ ਉਲੀਕਦੇ ਹੋਏ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ 26 ਜੂਨ ਨੂੰ ਹੋਣ ਵਾਲੇ ਇਕੱਠ ਦੇ ਪ੍ਰਬੰਧ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਵਿੱਚ ਪਰਮਿੰਦਰ ਸਿੰਘ ਚਲਾਕੀ, ਕਮਲਜੀਤ ਸਿੰਘ, ਪ੍ਰੇਮ ਸਿੰਘ ਭੰਗੂ ਅਤੇ ਬਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਵੰਤ ਸਿੰਘ ਕਿਸੇ ਰੁਝੇਵੇਂ ਕਾਰਨ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਬਾਕੀ ਮੈਂਬਰਾਂ ਨੇ ਸਥਾਨਕ ਕਿਸਾਨ ਆਗੂਆਂ ਨਾਲ ਮਿਲ ਕੇ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 26 ਜੂਨ ਨੂੰ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਗਰਾਊਂਡ ਵਿਚ ਟੈਂਟ ਲਗਾਇਆ ਜਾਵੇਗਾ। ਇੱਥੇ ਕਿਸਾਨ ਸੰਯੁਕਤ ਮੋਰਚੇ ਦੇ 32 ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ। ਇੱਥੋਂ ਪੰਜਾਬ ਰਾਜ ਭਵਨ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਸ ਮਾਰਚ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੇ ਲੰਗਰ ਦਾ ਪ੍ਰਬੰਧ ਗੁਰਦੁਆਰਾ ਅੰਬ ਸਾਹਿਬ ਵਿਚ ਕੀਤਾ ਗਿਆ ਹੈ। ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਪੈਦਲ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ।