ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਤੇ ਅੱਜ ਚੰਡੀਗੜ੍ਹ ਵਿੱਚ ਗਰਜਣਗੇ ਕਿਸਾਨ
ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਚੰਡੀਗੜ੍ਹ ਪਹੁੰਚਣ ਲੱਗੇ; ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ-43 ਸਥਿਤ ਗਰਾਊਂਡ ਵਿੱਚ ਵੱਡਾ ਇਕੱਠ ਰੱਖਿਆ ਗਿਆ ਹੈ। ਇਸ ਲਈ ਪੰਜਾਬ ਭਰ ਤੋਂ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਟ੍ਰੇਡ ਯੂਨੀਅਨਾਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ।
ਇਨ੍ਹਾਂ ਵੱਲੋਂ ਟਰੈਕਟਰ ਟਰਾਲੀਆਂ ਉੱਤੇ ਚੜ੍ਹ ਕੇ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਪੁਲੀਸ ਨੇ ਕਿਸਾਨਾਂ ਦੇ ਇਕੱਠ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਹੋਣ ਵਾਲੇ ਪ੍ਰਦਰਸ਼ਨ ਕਰਕੇ 3000 ਦੇ ਕਰੀਬ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨ ਅੰਦੋਲਨ ਦੀਆਂ ਬਕਾਇਆ ਮੰਗਾਂ ਅਤੇ ਹੋਰ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ।
ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਲਕੁਲ ਅਣਗੌਲਿਆਂ ਕਰ ਦਿੱਤਾ ਗਿਆ ਹੈ ਜਿਸ ਕਰਕੇ ਦੋਵੇਂ ਹੀ ਕਿਸਾਨ ਵਿਰੋਧੀ ਫੈਸਲੇ ਲੈਣ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਅੱਜ ਮੋਰਚੇ ਵੱਲੋਂ ਬਿਜਲੀ ਸੋਧ ਬਿਲ 2025, ਨਵੇਂ ਕਿਰਤ ਕਾਨੂੰਨ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸਮਝੌਤਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਵੀ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਜਾਵੇਗੀ।

