ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਚਹੇਤਿਆਂ ਨੂੰ ਸ਼ਾਮਲ ਕੀਤਾ ਜਾ ਰਿਹੈ: ਜੀਤੀ ਪਡਿਆਲਾ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਠਿਤ ਕੀਤੀਆਂ ਜਾਣ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੂੰ ਅਣਦੇਖਿਆ ਕਰਕੇ ਸਰਕਾਰ ਵਲੋਂ ਆਪਣੇ ਚਹੇਤਿਆਂ ਨੂੰ ਸ਼ਾਮਲ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਪਿੰਡ/ਸ਼ਹਿਰਾਂ ਵਿਚੋਂ ਸਥਾਨਕ ਚੁਣੇ ਹੋਏ ਸਰਪੰਚ, ਪੰਚ, ਕੌਂਸਲਰ ਅਤੇ ਯੋਗ ਸਿੱਖਿਅਤ ਵਿਅਕਤੀਆਂ ਨੂੰ ਅਣਡਿੱਠਾ ਕਰਕੇ ਬਾਹਰਲੇ ਲੋਕਾਂ ਦੀ ਨਿਯੁਕਤ ਕਰਨ ਦੇ ਸਰਕਾਰੀ ਫੈਸਲੇ ਵਿਰੋਧ ਕਰਦਿਆਂ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਜੀਤੀ ਪਡਿਆਲਾ ਨੇ ਦੋਸ਼ ਲਾਇਆ ਕਿ ਹੁਣ ਤੱਕ ਸਕੂਲ ਕਮੇਟੀਆਂ ਵਿੱਚ ਸਥਾਨਕ ਲੋਕਾਂ ਵਲੋਂ ਵੋਟਾਂ ਰਾਹੀਂ ਚੁਣੇ ਨੁਮਾਇੰਦੇ ਨੂੰ ਥਾਂ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਨੁਮਾਇੰਦਿਆਂ ਦੀ ਥਾਂ ਆਪਣੇ ਚਹੇਤਿਆਂ ਨੂੰ ਜੋ ਸਕੂਲ ਨਾਲ ਸਬੰਧਤ ਪਿੰਡਾਂ ਦੇ ਵੀ ਨਹੀਂ ਨੂੰ ਕਮੇਟੀਆਂ ਵਿੱਚ ਸ਼ਾਮਿਲ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਲੋਕਾਂ ਦੇ ਚੁਣੇ ਨੁਮਾਇੰਦਿਆਂ ਨਾਲ ਬੇਇਨਸਾਫ਼ੀ ਅਤੇ ਸਕੂਲ ਕਮੇਟੀਆਂ ਦਾ ਸਿੱਧੇ ਰੂਪ ਵਿੱਚ ਸਿਆਸੀਕਰਨ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦਾ ਇਹ ਫੈਸਲਾ ਪਿੰਡਾਂ ਦੀ ਖੁਦਮੁਖਤਿਆਰੀ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।