ਵਿੱਤ ਮੰਤਰੀ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨਾਲ ਮੀਟਿੰਗ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਕੱਤਰੇਤ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਨੇ ਜਥੇਬੰਦੀਆਂ ਦੇ ਆਗੂਆਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਸਬੰਧੀ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਮਤੇ ਤਿਆਰ ਕਰ ਕੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਜਾਂ ਕੈਬਨਿਟ ਸਬ-ਕਮੇਟੀ ਕੋਲ ਪ੍ਰਵਾਨਗੀ ਲਈ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮਤੇ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਦੇ ਆਗੂਆਂ ਨੇ ਆਪਣਾ ਪੱਖ ਪੇਸ਼ ਕੀਤਾ।