ਮੌਤ ਤੋਂ ਭੈੜੀ ਢਿੱਡ ਦੀ ਅੱਗ: ਕਰੋਨਾ ਖਤਰੇ ਦੇ ਬਾਵਜੂਦ ਪਾਰਵਕੌਮ ਠੇਕਾ ਮੁਲਾਜ਼ਮਾਂ ਦਾ ਮੁਹਾਲੀ ਵਿੱਚ ਪ੍ਰਦਰਸ਼ਨ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਜੁਲਾਈ

ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਦੀ ਨੀਤੀ ਰੱਦ ਕਰਵਾਉਣ ਅਤੇ ਬਰਖ਼ਾਸਤ ਕੀਤੇ ਕਾਮੇ ਬਹਾਲ ਕਰਵਾਉਣ, ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਅਤੇ ਅਪੰਗ ਹੋਏ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦਿਵਾਉਣ ਲਈ ਅੱਜ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਕਰੋਨਾ ਮਹਾਮਾਰੀ ਦੇ ਲਗਾਤਾਰ ਨਵੇਂ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਤਹਿਤ ਵੱਡੇ ਇਕੱਠਾ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਪਰ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਠੇਕਾ ਮੁਲਾਜ਼ਮਾਂ ਨੇ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਆਪਣੇ ਪਰਿਵਾਰਾਂ ਨਾਲ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ। ਮ੍ਰਿਤਕ ਕਾਮਿਆਂ ਦੀਆਂ ਵਿਧਵਾਵਾਂ ਅਤੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਅਤੇ ਪਾਵਰਕੌਮ ਮੈਨੇਜਮੈਂਟ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨੇ ਵਾਲੀ ਥਾਂ ’ਤੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਸੀ। ਇਸ ਦੌਰਾਨ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮੇ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਲਗਾਤਾਰ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ ਅਤੇ ਕਰੋਨਾ ਪੀਰੀਅਡ ਦੌਰਾਨ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਬਿਜਲੀ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਕਈ ਠੇਕਾ ਮੁਲਾਜ਼ਮ ਅਪਾਹਜ਼ ਹੋ ਗਏ। ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 155 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਪ੍ਰੰਤੂ ਰਾਜ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੌਕਰੀ ਦੇਣ ਤੋਂ ਭੱਜ ਰਹੀ ਹੈ। ਸਾਲ ਪਹਿਲਾਂ ਬਰਨਾਲਾ ਅਤੇ ਹੁਣ ਖੰਨਾ ਸਰਕਲ, ਸ੍ਰੀ ਮੁਕਤਸਰ ਸਾਹਿਬ ਵਿੱਚ ਠੇਕਾ ਕਾਮਿਆਂ ਦੀ ਛਾਂਟੀ ਦਾ ਪੱਤਰ ਜਾਰੀ ਕਰ ਦਿੱਤਾ ਹੈ ਜਦੋਂਕਿ ਅਬੋਹਰ ਅਤੇ ਫਾਜ਼ਿਲਕਾ, ਲੰਬੀ ਡਵੀਜ਼ਨ ਵਿੱਚ ਅੱਜ ਤੋਂ ਕਾਮਿਆਂ ਦੀ ਗਿਣਤੀ ਜ਼ੀਰੋ ਕਰ ਦਿੱਤੀ ਹੈ।

ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ 22 ਜੁਲਾਈ ਤੋਂ ਲੈ ਕੇ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਉੱਚ ਅਧਿਕਾਰੀਆਂ ਨੇ ਠੇਕਾ ਕਾਮਿਆਂ ਦੀ ਛਾਂਟੀ ਨਾ ਕਰਨ ਅਤੇ ਹੋਰ ਜਾਇਜ਼ ਮੰਗਾਂ ਪ੍ਰਤੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਪਾਬੰਦੀਆਂ ਹਟਾਈਆਂ ਜਾਣ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਧਰਨੇ ਨੂੰ ਤਾਰਪੀਡੋ ਕਰਨ ਲਈ ਵੱਡੀ ਗਿਣਤੀ ਵਿੱਚ ਠੇਕਾ ਕਾਮਿਆਂ ਦੇ ਕਾਫ਼ਲਿਆਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ ਹੈ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All