ਮੁਹਾਲੀ (ਪੱਤਰ ਪ੍ਰੇਰਕ):
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਨੁਸਾਰ ਮੁਹਾਲੀ ਇਲਾਕੇ ਵਿੱਚ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8 ਵਜੇ ਤੋਂ 10 ਵਜੇ ਤੱਕ ਅਤੇ 30 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ ਨੂੰ 9 ਤੋਂ 10 ਵਜੇ ਤੱਕ ਨਿਰਧਾਰਤ ਆਵਾਜ਼ ਅੰਦਰ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਿਅਕਤੀ ਪਟਾਕੇ ਨਹੀਂ ਚਲਾਏਗਾ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ 12, 13 ਅਤੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 29 ਅਤੇ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਿਤ ਸਥਾਨਾਂ ’ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰਕਾਨੂੰਨੀ ਤਰੀਕੇ ਨਾਲ ਪਟਾਕਿਆਂ ਨੂੰ ਸਟੋਰ ਨਹੀਂ ਕਰੇਗਾ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ ਨਹੀਂ ਕਰੇਗਾ। ਇਸ ਤੋਂ ਇਲਾਵਾ ਚੀਨੀ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਮਨਾਹੀ ਕੀਤੀ ਗਈ ਹੈ।। ਪਟਾਕੇ ਵੇਚਣ ਸਬੰਧੀ ਨਿਰਧਾਰਿਤ ਥਾਵਾਂ, ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਵੈਬਸਾਈਟ www.sasnagar.nic.in ’ਤੇ ਦੇਖਿਆ ਜਾ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 44 ਆਰਜ਼ੀ ਲਾਇਸੈਂਸ ਜਾਰੀ: ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ 44 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਾਇਸੈਂਸ ਜਾਰੀ ਕਰਨ ਲਈ ਅੱਜ ਏਡੀਸੀ (ਜਨਰਲ) ਆਸ਼ਿਕਾ ਜੈਨ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਅਤੇ ਜ਼ਿਲ੍ਹਾ ਅਟਾਰਨੀ (ਪ੍ਰਸ਼ਾਸਨ) ਕੁਲਦੀਪ ਸਿੰਘ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਇਨ੍ਹਾਂ ਲਾਇਸੈਂਸਾਂ ਲਈ 771 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ’ਚੋਂ 770 ਠੀਕ ਪਾਈਆਂ ਗਈਆਂ। ਮੁਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 497 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜ਼ਿਲ੍ਹੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਲਈ 12 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।