ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਸੁਪਰੀਮ ਕੋਰਟ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਕਰੈਕਰ ਡੀਲਰਜ਼ ਐਸੋਸੀਏਸ਼ਨ ਚੰਡੀਗੜ੍ਹ ਨੇ ਯੂਟੀ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿੱਖ ਕੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਪਟਾਕੇ ਚਲਾਉਣ ਅਤੇ ਵੇਚਣ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਗਾਈ ਗਈ ਹੈ। ਅਜਿਹੇ ਹਾਲਾਤ ਵਿੱਚ ਚੰਡੀਗੜ੍ਹ ਵਿੱਚ ਸੀਮਤ ਸਮੇਂ ਲਈ ਪਟਾਕੇ ਚਲਾਉਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਚਿਰਾਗ ਅਗਰਵਾਲ ਨੇ ਦੱਸਿਆ ਕਿ ਚੰਡੀਗੜ੍ਹ ’ਚ ਪਟਾਕੇ ਵੇਚਣ ਦੇ ਕਾਰੋਬਾਰ ਨਾਲ ਵੱਡੀ ਗਿਣਤੀ ’ਚ ਲੋਕ ਜੁੜੇ ਹੋਏ ਹਨ। ਪਹਿਲਾਂ ਕਰੋਨਾ ਨੇ ਕਾਰੋਬਾਰ ਦਾ ਨੁਕਸਾਨ ਕਰ ਦਿੱਤਾ ਤੇ ਹੁਣ ਪ੍ਰਸ਼ਾਸਨ ਦੇ ਆਦੇਸ਼ਾਂ ਸਦਕਾ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਯੂਟੀ ਦੇ ਸੀਨੀਅਰ ਅਧਿਕਾਰੀ ਨੇ ਸਪਸ਼ਟ ਕੀਤਾ ਕਿ ਸਿਟੀ ਬਿਊਟੀਫੁੱਲ ’ਚ ਪਟਾਕੇ ਚਲਾਉਣ ’ਤੇ ਪਾਬੰਦੀ ਜਾਰੀ ਰਹੇਗੀ। ਕਿਸੇ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।