ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 7 ਅਕਤੂਬਰ
ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਸਲਾਹਕਾਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਇਸ ਵਿੱਚ ਖਾਧ ਪਦਾਰਥ ਤਿਆਰ ਕਰਨ ਤੋਂ ਲੈ ਕੇ ਵੇਚਣ ਤੱਕ ਦੀ ਪ੍ਰਕਿਰਿਆ ਵਿੱਚ ਨਿੱਜੀ ਸਫ਼ਾਈ, ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਜਾਗਰੂਕ ਕਰਨ ਬਾਰੇ ਚਰਚਾ ਕੀਤੀ ਗਈ। ਡੀਸੀ ਅਮਿਤ ਤਲਵਾੜ ਨੇ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਦਾ ਮਿਆਰੀ ਹੋਣਾ ਜਨਤਕ ਸਿਹਤ ਲਈ ਅਤਿ ਜ਼ਰੂਰੀ ਹੈ।
ਸੀਪੀਐੱਮ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਐੱਸ.ਏ.ਐੱਸ.ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਜ਼ਿਲ੍ਹਾ ਮੁਹਾਲੀ ਦੇ ਵਫ਼ਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਮੁਸਾਫ਼ਿਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਦਿਨ ਪ੍ਰਤੀ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾਵੇ। ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਅਤੇ ਚੀਨੀ ਵਾਇਰਸ ਤੇ ਬਾਰਿਸ਼ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।