ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਕਤੂਬਰ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਾਂਗਰਸ ਨੂੰ ਅਲਵਿਦਾ ਆਖਣ ਤੋਂ ਬਾਅਦ ਭਾਜਪਾ ਵਰਕਰਾਂ ਨਾਲ ਪਲੇਠੀ ਮੀਟਿੰਗ ਕੀਤੀ। ਸੈਕਟਰ-78 ਸਥਿਤ ਮੇਅਰ ਜੀਤੀ ਸਿੱਧੂ ਦੇ ਘਰ ਮੀਟਿੰਗ ਸੱਦ ਕੇ ਸਿੱਧੂ ਭਰਾਵਾਂ ਨੇ ਭਾਜਪਾ ਵਰਕਰਾਂ ਦੀ ਨਬਜ਼ ਪਛਾਣਨ ਦੀ ਕੋਸ਼ਿਸ਼ ਕੀਤੀ। ਮੀਟਿੰਗ ਵਿੱਚ ਸੂਬਾ ਤੇ ਜ਼ਿਲ੍ਹਾ ਪੱਧਰ ਅਤੇ ਮੰਡਲ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਅਤੇ ਮਿਸ਼ਨ-2024 ਬਾਰੇ ਚਰਚਾ ਕੀਤੀ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਰਨ ਦਾ ਮੁੱਖ ਕਾਰਨ ਭਾਜਪਾ ਵਰਕਰਾਂ ਨਾਲ ਤਾਲਮੇਲ ਵਧਾਉਣਾ, ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ, ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਨੂੰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਬਣਾਉਣਾ ਅਤੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਭਾਜਪਾ ਦੀ ਸਰਕਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਆਪਣੇ ਬਲਬੂਤੇ ’ਤੇ ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਅਸ਼ੋਕ ਝਾਅ, ਜ਼ਿਲ੍ਹਾ ਮੀਤ ਪ੍ਰਧਾਨ ਉਮਾਕਾਂਤ ਤਿਵਾੜੀ, ਜਨਰਲ ਸਕੱਤਰ ਜੱਗੀ ਔਜਲਾ, ਰਮੇਸ਼ ਵਰਮਾ, ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ ਹਾਜ਼ਰ ਸਨ।