ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 4 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਕਰੈਪ ਨਾਲ ਲੱਦੇ ਵਾਹਨਾਂ ਸਣੇ ਪੰਜ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਵੱਖ-ਵੱਖ ਏਜੰਟਾਂ ਅਤੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਜੀਐੱਸਟੀ ਬਚਾ ਕੇ ਸਰਕਾਰੀ ਖਜ਼ਾਨੇ ਨੂੰ ਖੋਰਾ ਲਾ ਰਹੇ ਸਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਨੁਸਾਰ ਗ੍ਰਿਫ਼ਤਾਰ ਕੀਤੇ ਟਰੱਕ ਡਰਾਈਵਰਾਂ ਦੀ ਪਛਾਣ ਗੌਰਵ ਕੁਮਾਰ, ਰਾਮ ਕੁਮਾਰ, ਅਸ਼ੋਕ ਕੁਮਾਰ, ਜਸਵੰਤ ਸਿੰਘ ਅਤੇ ਜੋਗਿੰਦਰ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਜੰਟਾਂ ਦੇ ਲੋਹੇ ਦੇ ਸਕਰੈਪ ਨਾਲ ਲੱਦੇ ਵਾਹਨ, ਜੋ ਵੱਖ-ਵੱਖ ਸੂਬਿਆਂ ਤੋਂ ਬਿਨਾ ਬਿੱਲਾਂ, ਘੱਟ ਬਿੱਲਾਂ ਅਤੇ ਫਰਜ਼ੀ ਬਿੱਲਾਂ ਨਾਲ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਇਲਾਕੇ ਦੀਆਂ ਭੱਠੀਆਂ ਵਿੱਚ ਖਪਤ ਲਈ ਲਿਆਂਦੇ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦਾ ਇਹ ਗੱਠਜੋੜ ਵਿਜੀਲੈਂਸ ਬਿਉਰੋ ਦੇ ਆਰਥਿਕ ਅਪਰਾਧਾਂ ਵਿੰਗ ਨੇ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਨ੍ਹਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਲਿਆ ਜਾਵੇਗਾ। ਵਿਜੀਲੈਂਸ ਦੇ ਦੱਸਣ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਟੈਕਸ ਚੋਰੀ ਕਰਨ ਸਬੰਧੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਦੀ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਪੜਤਾਲ ਕਰ ਰਹੀ ਹੈ।