ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 7 ਮਈ
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਆਮ ਲੋਕਾਂ ਅਤੇ ਕਾਂਗਰਸੀ ਵਰਕਰਾਂ ਲਈ ਵੱਖੋ-ਵੱਖਰੇ ਨਿਯਮ ਤੇ ਕਾਨੂੰਨ ਬਣਾਏ ਗਏ ਜਾਪਦੇ ਹਨ। ਮੁਹਾਲੀ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਕਾਸ ਕਾਰਜਾਂ ਲਈ ਉਲੀਕੇ ਜਾ ਰਹੇ ਉਦਘਾਟਨੀ ਪ੍ਰੋਗਰਾਮਾਂ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਬਲਵਿੰਦਰ ਸਿੰਘ ਕੁੰਭੜਾ ਅਤੇ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਕਿਹਾ ਕਿ ਮੇਅਰ ਜੀਤੀ ਸਿੱਧੂ ਰੋਜ਼ਾਨਾ ਹੀ ਸ਼ਹਿਰ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਵਿਕਾਸ ਕੰਮਾਂ ਦੇ ਨਾਂ ਉੱਤੇ ਲੋਕਾਂ ਨੂੰ ਇਕੱਠੇ ਕਰਕੇ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਪ੍ਰੰਤੂ ਮੁਹਾਲੀ ਪੁਲੀਸ ਮੂਕ ਦਰਸ਼ਕ ਬਣੀ ਹੋਈ ਹੈ। ਇਨ੍ਹਾਂ ਇਕੱਠਾਂ ਵਿੱਚ ਜ਼ਿਆਦਾਤਰ ਕਾਂਗਰਸੀ ਬਿਨਾਂ ਮਾਸਕ ਅਤੇ ਇਕ ਦੂਜੇ ਨਾਲ ਚਿਪਕੇ ਹੁੰਦੇ ਹਨ। ਉਨ੍ਹਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਉਧਰ ਮੇਅਰ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-7 ਦੀ ਪਾਰਕ ਵਿੱਚ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇੰਜ ਹੀ ਸੈਕਟਰ-66 ਤੋਂ 69 ਵਿੱਚ ਰੋਡ ਗਲੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ’ਤੇ 56 ਲੱਖ ਰੁਪਏ ਖ਼ਰਚੇ ਜਾਣਗੇ।
ਲੋਕ ਆਪ ਮੁਹਾਰੇ ਪਹੁੰਚ ਜਾਂਦੇ ਨੇ: ਜੀਤੀ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਵਿਰੋਧ ਕਰਨ ਵਾਲਿਆਂ ਦੇ ਸਾਰੇ ਦੋਸ਼ ਬਿਲਕੁਲ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਹਨ। ਵਿਕਾਸ ਕਾਰਜਾਂ ਦੌਰਾਨ ਕੋਵਿਡ ਨਿਯਮਾਂ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਸ਼ਹਿਰ ਵਿੱਚ ਕਿਸੇ ਵੀ ਥਾਂ ਵਿਕਾਸ ਕੰਮਾਂ ਨੂੰ ਕਰਵਾਉਣ ਜਾਂ ਜਾਇਜ਼ਾ ਲੈਣ ਜਾਂਦੇ ਹਨ ਤਾਂ ਲੋਕ ਆਪ ਮੁਹਾਰੇ ਪਹੁੰਚ ਜਾਂਦੇ ਹਨ ਅਤੇ ਆਪਣੀ ਸਮੱਸਿਆਵਾਂ ਦੱਸਦੇ ਹਨ।