ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਜਨਵਰੀ
ਪੰਜਾਬ ਪੁਲੀਸ ਦੇ ਏਆਈਜੀ (ਸੇਵਾਮੁਕਤ) ਸਰਬਜੀਤ ਸਿੰਘ ਪੰਧੇਰ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਜਸਟਿਸ ਜੋਰਾ ਸਿੰਘ ਅਤੇ ਆਪ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜਲਾਲੀ ਗਿੱਲ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਸਕੱਤਰ ਪ੍ਰਭਜੋਤ ਕੌਰ ਅਤੇ ਸੀਨੀਅਰ ਆਗੂ ਵਿਨੀਤ ਵਰਮਾ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਸਾਬਕਾ ਪੁਲੀਸ ਅਧਿਕਾਰੀ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਆਜ਼ਾਦ ਉਮੀਦਵਾਰ ਬਲਜਿੰਦਰ ਬੇਦੀ ਅਕਾਲੀ ਦਲ ਵਿੱਚ ਸ਼ਾਮਲ
ਮੁਹਾਲੀ: ਆਜ਼ਾਦ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਲਜਿੰਦਰ ਬੇਦੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇੱਥੋਂ ਦੇ ਵਾਰਡ ਨੰਬਰ-50 ਤੋਂ ਉਮੀਦਵਾਰ ਐਲਾਨਿਆ ਤੇ ਕਿਹਾ ਕਿ ਬਾਕੀ ਉਮੀਦਵਾਰਾਂ ਦੀ ਅਗਲੀ ਸੂਚੀ ਵੀ ਜਲਦੀ ਜਾਰੀ ਕੀਤੀ ਜਾ ਰਹੀ ਹੈ। ਸ੍ਰੀ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਵੱਲੋਂ ਮੁਹਾਲੀ ਦੀ ਨਵੀਂ ਵਾਰਡਬੰਦੀ ਕਰਨ ਸਬੰਧੀ ਪੱਖਪਾਤ ਕੀਤਾ ਗਿਆ ਅਤੇ ਆਮ ਲੋਕਾਂ ਦੇ ਇਤਰਾਜ਼ ਵੀ ਨਹੀਂ ਸੁਣੇ ਜਾ ਰਹੇ ਹਨ। -ਪੱਤਰ ਪ੍ਰੇਰਕ