ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਦਸੰਬਰ
ਇੱਥੋਂ ਦੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਏ (ਸਾਢੇ ਸੱਤ ਮਰਲਾ) ਦੀ ਮੀਟਿੰਗ ਪ੍ਰਧਾਨ ਜਤਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਚਰਚਾ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਿਗਮ ਚੋਣਾਂ ਲਈ ਸਰਬਸੰਮਤੀ ਨਾਲ ਵਾਰਡ ਨੰਬਰ-2 ਤੋਂ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਸਿਰਫ਼ ਮਨਜੀਤ ਸਿੰਘ ਸੇਠੀ ਅਜਿਹੇ ਆਗੂ ਹਨ, ਜੋ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀਭਾਂਤ ਜਾਣਦੇ ਹਨ ਅਤੇ ਸਰਬਪੱਖੀ ਵਿਕਾਸ ਕਰਵਾ ਸਕਦੇ ਹਨ।
ਇਸ ਮੌਕੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਸਥਾਨਕ ਵਸਨੀਕਾਂ ਵੱਲੋਂ ਉਨ੍ਹਾਂ ਨੂੰ ਸਰਬਸੰਮਤੀ ਨਾਲ ਮੁੜ ਉਮੀਦਵਾਰ ਬਣਾਉਣਾ, ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ ਅਤੇ ਵਾਰਡ ਨੰਬਰ-2 ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਾਂਗ ਹਨ।