ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ
ਸੀ ਬੀ ਆੲੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤਾ ਸੀ ਗ੍ਰਿਫ਼ਤਾਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਸ ਬਾਰੇ ਸੀਬੀਆਈ ਵੱਲੋਂ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਭੁੱਲਰ ਦੇ ਰਿਮਾਂਡ ਦੀ ਮੰਗ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਸੀਬੀਆਈ ਕੋਲ ਭੇਜ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਕ੍ਰਿਸ਼ਨੂੰ ਦਾ 9 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੋਇਆ ਹੈ। ਹੁਣ ਸੀਬੀਆਈ ਵੱਲੋਂ ਭੁੱਲਰ ਤੇ ਕ੍ਰਿਸ਼ਨੂੰ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਸੀ ਬੀ ਆਈ ਨੇ 16 ਅਕਤੂਬਰ ਨੂੰ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਉਹ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਨਾਂ ’ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਮਾਰੇ ਗਏ ਛਾਪੇ ਦੌਰਾਨ ਸੀ ਬੀ ਆਈ ਨੇ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਰੋਲੈਕਸ ਤੇ ਰਾਡੋ ਸਮੇਤ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ। ਸੀ ਬੀ ਆਈ ਨੇ ਬੀਤੇ ਦਿਨੀਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਵੀ ਦਰਜ ਕੀਤਾ ਹੈ।

