ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਾਹੀਂ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ ਭੇਜਣ ’ਤੇ ਕਾਂਗਰਸੀ ਆਗੂਆਂ ਨੇ ਨਰਾਜ਼ਗੀ ਜ਼ਾਹਿਰ ਕੀਤੀ। ਕਾਂਗਰਸ ਦੇ ਕੌਮੀ ਖਜ਼ਾਨਚੀ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਸੱਤਾ ਹਾਸਲ ਕਰਨ ਲਈ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਇਸੇ ਲਈ ਦੇਸ਼ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾਉਣ ਲਈ ਈਡੀ ਵਰਗੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਾਂਗਰਸੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕੀਤਾ ਜਾ ਰਿਹਾ ਹੈ ਜਾਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਖ਼ਿਲਾਫ਼ ਲੜਾਈ ਜਾਰੀ ਰੱਖੇਗੀ। ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ਵਿੱਚ ਵੀ ਕਾਂਗਰਸੀ ਵਰਕਰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਰੋਸ ਮਾਰਚ ਕਰਨਗੇ।ਸ੍ਰੀ ਬਾਂਸਲ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਲੜਾਈ ’ਚ ਅਹਿਮ ਭੁੁਮਿਕਾ ਅਦਾ ਕਰਨ ਵਾਲੇ ਅਖ਼ਬਾਰ ’ਤੇ ਵੀ ਸਵਾਲ ਖੜ੍ਹੇ ਕਰ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਦਿੱਲੀ ਵਿੱਚ ਈਡੀ ਦੇ ਦਫ਼ਤਰ ਮੂਹਰੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ’ਤੇ ਲਾਠੀਚਾਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਨ, ਅਜਿਹੇ ਵਿੱਚ ਲਾਠੀਚਾਰਜ ਕਰਨਾ ਭਾਜਪਾ ਦੀ ਲੋਕ ਵਿਰੋਧੀ ਸੋਚ ਨੂੰ ਜੱਗ ਜਾਹਿਰ ਕਰਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ਵਿੱਚ ਵੀ ਕਾਂਗਰਸੀ ਵਰਕਰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਰੋਸ ਮਾਰਚ ਕਰਨਗੇ।