ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਦਸੰਬਰ
ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਆਈ-20 ਕਾਰ ਵੀ ਜ਼ਬਤ ਕਰ ਲਈ ਹੈ।
ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਐੱਸਐੱਸਪੀ ਨਵਜੋਤ ਸਿੰਘ ਚਾਹਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਯੋਗੇਸ਼ ਕੁਮਾਰ ਉਰਫ਼ ਜੋਗੀ ਵਾਸੀ ਨੇੜੇ ਕਿਲ੍ਹਾ ਸੋਹਾਣਾ, ਗੁਰਮੱਖ ਸਿੰਘ ਉਰਫ਼ ਮਨੀ ਵਾਸੀ ਪਿੰਡ ਫੈਦਾਂ (ਚੰਡੀਗੜ੍ਹ), ਹਰਿੰਦਰ ਸਿੰਘ ਉਰਫ਼ ਹਨੀ ਵਾਸੀ ਸੈਕਟਰ-45 (ਬੁੜੈਲ) ਅਤੇ ਗੁਰਜਿੰਦਰ ਸਿੰਘ ਵਾਸੀ ਪਿੰਡ ਬਾਕਰਪੁਰ (ਮੁਹਾਲੀ) ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਚਿੱਟੇ ਰੰਗ ਦੀ ਆਈ-20 ਕਾਰ ਵਿੱਚ ਬਨੂੜ ਵਾਲੇ ਪਾਸਿਓਂ ਖਰੜ ਵੱਲ ਆ ਰਹੇ ਹਨ।
ਐਸਐਸਪੀ ਮਾਹਲ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਂਡਰਾਂ ਚੌਕ ਨੇੜੇ ਨਾਕਾਬੰਦੀ ਕਰਕੇ ਸ਼ੱਕ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 20 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਪੁਲੀਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਚਾਰੇ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦੇ ਆ ਰਹੇ ਹਨ ਅਤੇ ਉਹ ਖ਼ੁਦ ਵੀ ਨਸ਼ਾ ਕਰਨ ਦੇ ਆਦੀ ਹਨ।