ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 25 ਅਗਸਤ
ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ ਚਾਰ ਭਰਾਵਾਂ ਬਲਬੀਰ ਸਿੰਘ, ਰਣਧੀਰ ਸਿੰਘ, ਸੁਖਵਿੰਦਰ ਸਿੰਘ ਅਤੇ ਮੇਜਰ ਸਿੰਘ ਮੁਹਾਲੀ ਨੇ ਖਰੜ ਦੇ ਦੋ ਬਿਲਡਰਾਂ ’ਤੇ ਉਨ੍ਹਾਂ ਦੀ 10 ਕਨਾਲ ਅਤੇ 12 ਮਰਲੇ ਜ਼ਮੀਨ ਦੇ ਇੱਕ ਹਿੱਸੇ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦਾ ਕਥਿਤ ਦੋਸ਼ ਲਾਇਆ ਹੇ। ਉਨ੍ਹਾਂ ਦੱਸਿਆ ਕਿ ਸਾਲ 1995 ਵਿੱਚ ਉਨ੍ਹਾਂ ਨੇ ਨਰਿੰਦਰ ਕੌਰ ਤੋਂ ਜ਼ਮੀਨ ਖਰੀਦੀ ਸੀ। ਹੁਣ ਖਰੜ ਦੇ ਬਿਲਡਰ ਪ੍ਰਵੀਨ ਕੁਮਾਰ ਅਤੇ ਮਨਮੋਹਨ ਸਿੰਘ ਵੱਲੋਂ ਉਨ੍ਹਾਂ ਦੀ ਜ਼ਮੀਨ ’ਤੇ ਆਪਣੀ ਮਾਲਕੀ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜ਼ਮੀਨ ਤੋਂ ਕਬਜ਼ਾ ਛੱਡਣ ਲਈ ਧਮਕਾਇਆ ਜਾ ਰਿਹਾ ਹੈ। ਪੀੜਤ ਵਿਅਕਤੀਆਂ ਨੇ ਕਿਹਾ ਕਿ ਬੀਤੀ 12 ਫਰਵਰੀ ਨੂੰ ਬਿਲਡਰਾਂ ਦੇ ਕੁੱਝ ਬੰਦਿਆਂ ਨੇ ਉਨ੍ਹਾਂ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਧਮਕੀਆਂ ਦਿੱਤੀਆਂ। ਇਸ ਸਬੰਧੀ ਉਨ੍ਹਾਂ ਕੇਸ ਦਰਜ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੇ ਉਨ੍ਹਾਂ ਦੇ ਲੜਕੇ ਅਮਨਦੀਪ ਸਿੰਘ (ਜੋ ਕਿ ਤੜਕੇ ਦੁੱਧ ਪਾਉਣ ਜਾ ਰਿਹਾ ਸੀ) ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਕੁੱਟਮਾਰ ਕੀਤੀ, ਉਸ ਦੀ ਪੱਗ ਲਾਹ ਦਿੱਤੀ ਅਤੇ ਕਕਾਰਾਂ ਦੀ ਬੇਅਦਬੀ ਕੀਤੀ। ਇਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਬਿਲਡਰ ਨੇ ਦੋਸ਼ ਨਕਾਰੇ
ਬਿਲਡਰ ਪ੍ਰਵੀਨ ਕੁਮਾਰ ਨੇ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿ ਕਿਹਾ ਉਨ੍ਹਾਂ ਦਾ ਕਿਸੇ ਜ਼ਮੀਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਉਹ ਸ਼ਿਕਾਇਤਕਰਤਵਾਂ ਨੂੰ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਹਨ ਅਤੇ ਆਪਣੇ ਘਰ ਵਿੱਚ ਇਕਾਂਤਵਾਸ ਹਨ। ਉਨ੍ਹਾਂ ਦੱਸਿਆ ਕਿ ਪੀੜਤ ਵਿਅਕਤੀ ਜਿਸ ਮਨਮੋਹਨ ਸਿੰਘ ਦੀ ਗੱਲ ਕਰ ਰਹੇ ਹਨ, ਉਹ ਡੇਢ ਸਾਲ ਪਹਿਲਾਂ ਹੀ ਉਨ੍ਹਾਂ ਕੋਲੋਂ ਕੰਮ ਛੱਡ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ ਤੇ ਉਹ ਇਸ ਸਬੰਧੀ ਅਦਾਲਤ ਵਿੱਚ ਜਾਣਗੇ।