ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਇਥੋਂ ਦੇ ਸੈਕਟਰ-17 ਸਥਿਤ ਹੋਟਲ ਸ਼ਿਵਾਲਿਕਵਿਊ ਦਾ ਕਮਰਾ ਬੁੱਕ ਕਰਵਾਉਣ ਵਾਲੇ ਵਿਅਕਤੀ ਨਾਲ 28,400 ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਵੀ ਅਤੇ ਲੋਕੇਸ਼ ਵਾਸੀਅਨ ਰਾਜਸਥਾਨ ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਸਾਈਬਰ ਕ੍ਰਾਈਮ ਦੀ ਟੀਮ ਨੇ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਸਾਈਬਰ ਕ੍ਰਾਈਮ ਦੀ ਟੀਮ ਨੂੰ ਜਸਵਿੰਦਰ ਸਿੰਘ ਬੇਦੀ ਨਾਮ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਗੂਗਲ ਰਾਹੀਂ ਹੋਟਲ ਸ਼ਿਵਾਲਿਕਵਿਊ ਦਾ ਕਮਰਾ ਬੁੱਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਕ ਵਿਅਕਤੀ ਨੇ ਕਮਰਾ ਬੁਕਿੰਗ ਦਾ ਓਟੀਪੀ ਭੇਜਣ ਦੇ ਨਾਮ ’ਤੇ 28,400 ਰੁਪਏ ਦੀ ਧੋਖਾਧੜੀ ਕੀਤੀ। ਚੰਡੀਗੜ੍ਹ ਸਾਈਬਰ ਕ੍ਰਾਈਮ ਦੀ ਟੀਮ ਨੇ ਇਸ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਸਾਈਬਰ ਸੈੱਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੈਂਕ ਖਾਤੇ ਨਾਲ ਜੁੜੀ ਕੋਈ ਵੀ ਜਾਣਕਾਰੀ ਕਿਸੇ ਵੀ ਵਿਅਕਤੀ ਨਾਲ ਸਾਂਝੀ ਨਾ ਕੀਤੀ ਜਾਵੇ ਨਹੀਂ ਤਾਂ ਗੰਭੀਰ ਆਰਥਿਕ ਨਤੀਜੇ ਭੁਗਤਨੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ ਵੀ ਕਈ ਵਾਰ ਆਨਲਾਈਨ ਠੱਗੀਆਂ ਵੱਜ ਚੁੰਕੀਆਂ ਹਨ।