ਗੈਂਗਸਟਰ ਮਾਡਿਊਲ ਦਾ ਪਰਦਾਫਾਸ਼: ਚਾਰ ਮੈਂਬਰ ਗ੍ਰਿਫ਼ਤਾਰ
ਪੰਜਾਬ ਪੁਲੀਸ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ ਵਾਸੀ ਕਾਜ਼ੀ ਕੋਟ ਕਲਾਂ, ਤਰਨ ਤਾਰਨ; ਅਤੇ ਲਵਿਸ਼ ਨਾਹਰ ਅਤੇ ਅਮਰਬੀਰ ਸਿੰਘ ਵਾਸੀ ਗੇਟ ਹਕੀਮਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਹੋਏ ਹਥਿਆਰਾਂ ਵਿੱਚ ਇੱਕ 9MM ਗਲੌਕ ਪਿਸਤੌਲ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ, ਅਤੇ ਇੱਕ .30 ਬੋਰ ਸਟਾਰ ਮਾਰਕ ਪਿਸਤੌਲ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਰਤਗਾਲ-ਅਧਾਰਤ ਇੱਕ ਲੋੜੀਂਦੇ ਗੈਂਗਸਟਰ ਦੇ ਨੇੜਲੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ਤਹਿਤ ਕੰਮ ਕਰ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਹਥਿਆਰਾਂ ਦੀ ਡਿਲੀਵਰੀ ਇਸ ਵਿਦੇਸ਼-ਅਧਾਰਤ ਹੈਂਡਲਰ ਨੇ ਹੀ ਕਰਵਾਈ ਸੀ।
ਡੀਜੀਪੀ ਨੇ ਅੱਗੇ ਕਿਹਾ, “ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਬਟਾਲਾ ਅਤੇ ਅੰਮ੍ਰਿਤਸਰ ਖੇਤਰ ਵਿੱਚ ਖਾਸ ਨਿਸ਼ਾਨਿਆਂ ਦੀ ਰੇਕੀ ਕੀਤੀ ਸੀ, ਅਤੇ ਬਰਾਮਦ ਕੀਤੇ ਗਏ ਆਧੁਨਿਕ ਹਥਿਆਰ ਉਨ੍ਹਾਂ ਨਿਸ਼ਾਨਿਆਂ ਨੂੰ ਨਿਸ਼ਾਨਾ ਬਣਾਉਣ ਲਈ ਸਨ।”
ਉਨ੍ਹਾਂ ਕਿਹਾ ਕਿ ਗੈਂਗ ਦੀਆਂ ਗਤੀਵਿਧੀਆਂ ਸੰਬੰਧੀ ਮਹੱਤਵਪੂਰਨ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਹਾਇਕ ਇੰਸਪੈਕਟਰ ਜਨਰਲ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖਾਸ ਇਨਪੁਟ ਦੇ ਆਧਾਰ ’ਤੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਤੋਂ ਬਾਅਦ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਇਲਾਕੇ 'ਚੋਂ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
