ਮੁਕੇਸ਼ ਕੁਮਾਰ
ਚੰਡੀਗੜ੍ਹ, 22 ਜਨਵਰੀ
ਸਰੋਤ ਪੱਧਰ ’ਤੇ ਸੁੱਕਾ ਤੇ ਗਿੱਲਾ ਕੂੜਾ ਵੱਖਰਾ ਚੁੱਕਣ ਲਈ ਲਾਗੂ ਕੀਤੀ ਗਈ ਯੋਜਨਾ ਦਾ ਵਿਰੋਧ ਕਰ ਰਹੇ ਡੋਰ-ਟੂ-ਡੋਰ ਪ੍ਰਾਈਵੇਟ ਗਾਰਬੇਜ ਕੁਲੈਕਟਰਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਅਤੇ ਮੇਅਰ ਰਵੀ ਕਾਂਤ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਗਾਰਬੇਜ ਕੁਲੈਕਟਰਾਂ ਨੂੰ ਧੋਖੇ ਵਿੱਚ ਰੱਖ ਕੇ ਕੀਤੇ ਗਏ ਸਮਝੌਤੇ ਤੋਂ ਬਾਅਦ ਸੈਕਟਰ 1 ਤੋਂ ਲੈਕੇ 30 ਤੱਕ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ।
ਗਾਰਬੇਜ ਕੁਲੈਕਟਰਜ਼ ਸੁਸਾਇਟੀ ਦੇ ਪ੍ਰਧਾਨ ਜੈ ਕਿਸ਼ਨ ਦੁੱਲਾ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਗਈ ਹੈ ਕਿ ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨ ਲਈ ਪਹਿਲਾਂ ਤੋਂ ਹੀ ਘਰ-ਘਰ ਤੋਂ ਕੂੜਾ ਇਕੱਤਰ ਕਰਨ ਵਾਲੇ ਕਾਮਿਆਂ ਨੂੰ ਹੀ ਕੂੜਾ ਚੁੱਕਣ ਦਾ ਕੰਮ ਦੇਣਾ ਜਾਰੀ ਰੱਖਿਆ ਜਾਵੇ। ਮੇਅਰ ਰਵੀ ਕਾਂਤ ਸ਼ਰਮਾ ਨੇ ਗਾਰਬੇਜ ਕੁਲੈਕਟਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ 11-ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ। ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਗਾਰਬੇਜ ਕੁਲੈਕਟਰਾਂ ਨੂੰ ਸੋਮਵਾਰ ਨੂੰ ਨਿਗਮ ਕਮਿਸ਼ਨਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ।