ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ
ਸ੍ਰੀ ਆਨੰਦਪੁਰ ਸਾਹਿਬ ਸਣੇ ਸਮੁੱਚੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ। ਹੁਣ ਇਸ ਹੜਤਾਲ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਿਆ ਹੈ। ਕਿਉਂਕਿ ਕਈ ਦਿਨਾਂ ਤੋਂ ਸਫਾਈ ਨਾ ਹੋਣ ਦੇ ਕਾਰਨ ਸ਼ਹਿਰ ’ਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਕਈ ਦਿਨਾਂ ਤੋਂ ਸਫ਼ਾਈ ਸੇਵਾਵਾਂ ਠੱਪ ਹੋਣ ਕਾਰਨ ਗਲੀ-ਮਹੱਲਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਬਦਬੂ ਤੇ ਗੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਬਿਮਾਰੀਆਂ ਦੇ ਫੈਲਣ ਦਾ ਵੀ ਖਤਰਾ ਵੱਧ ਗਿਆ ਹੈ।
ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਿਤੀ ਹੋਰ ਵੀ ਗੰਭੀਰ ਹੈ, ਕਿਉਂਕਿ ਇਹ ਸ਼ਹਿਰ ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੈ। ਇੱਥੇ ਦੇਸ਼ਾਂ ਤੇ ਵਿਦੇਸ਼ਾਂ ਤੋਂ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਦਰਸ਼ਨ ਕਰਨ ਲਈ ਪਹੁੰਚਦੀ ਹੈ। ਗਲੀ-ਮਹੱਲਿਆਂ, ਬਾਜ਼ਾਰਾਂ ਅਤੇ ਗੁਰਦੁਆਰਿਆਂ ਦੇ ਨੇੜੇ ਲੱਗੇ ਗੰਦਗੀ ਦੇ ਢੇਰ ਸੰਗਤ ’ਤੇ ਬਹੁਤ ਹੀ ਮਾੜਾ ਪ੍ਰਭਾਵ ਛੱਡ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ ਨੇ ਸੂਬਾ ਸਰਕਾਰ ਨੂੰ ਤੁਰੰਤ ਇਸ ਮਸਲੇ ਤੇ ਦਾਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕਰਕੇ ਹੜਤਾਲ ਖਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਦੀ ਸੋਭਾ ਅਤੇ ਸਫ਼ਾਈ ਦੁਬਾਰਾ ਬਹਾਲ ਕੀਤੀ ਜਾ ਸਕੇ।
ਇਸੇ ਤਰ੍ਹਾਂ, ਕੌਂਸਲਰ ਗੁਰਿੰਦਰ ਸਿੰਘ ਵਾਲੀਆ ਨੇ ਵੀ ਮੰਗ ਕੀਤੀ ਹੈ ਕਿ ਸਰਕਾਰ ਜਲਦ ਤੋਂ ਜਲਦ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਅਤੇ ਸ੍ਰੀ ਆਨੰਦਪੁਰ ਸਾਹਿਬ ਵਰਗੇ ਧਾਰਮਿਕ ਸ਼ਹਿਰ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਵੇ।