ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦੀ ਇਕੱਤਰਤਾ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਖ਼ਤ ਸਜ਼ਾ ਦੇਣ ਲਈ ਲਿਆਂਦੇ ਜਾ ਰਹੇ ਕਾਨੂੰਨ ਨੂੰ ਮੌਜੂਦਾ ‘ਆਪ’ ਸਰਕਾਰ ਵੱਲੋਂ ਮਾੜੇ ਅਮਨ ਕਾਨੂੰਨ ਦੇ ਹਾਲਾਤ ਸਣੇ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਮੌਕਾਪ੍ਰਸਤ ਫ਼ਿਰਕੂ ਸਿਆਸਤ ਕਰਾਰ ਦਿੱਤਾ ਹੈ। ਉਨ੍ਹਾਂ ਇਸ ਕਾਨੂੰਨ ਤਹਿਤ ਉਮਰ ਕੈਦ ਦੀ ਸਜ਼ਾ ਦੇਣ ਦੀ ਤਜਵੀਜ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਸੁਸਾਇਟੀ ਦੇ ਆਗੂਆਂ ਜਸਵੰਤ ਮੁਹਾਲੀ ਤੇ ਸੁਰਜੀਤ ਸਿੰਘ ਨੇ ਕਿਹਾ ਕਿ ਤਤਕਾਲੀ ਅਕਾਲੀ-ਭਾਜਪਾ, ਕਾਂਗਰਸ ਅਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਬੀਤੇ ਸਮੇਂ ਵਿੱਚ ਵਾਪਰੀਆਂ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ ਦੀ ਕੋਈ ਠੋਸ ਜਾਂਚ ਪੜਤਾਲ ਕਰ ਕੇ ਅਸਲ ਸਚਾਈ ਸਾਹਮਣੇ ਨਹੀਂ ਲਿਆਂਦੀ ਗਈ ਤੇ ਨਾ ਹੀ ਮੌਕੇ ’ਤੇ ਕਾਬੂ ਮੁਲਜ਼ਮਾਂ ਦੇ ਕਤਲ ਕਰ ਕੇ ਸਬੂਤ ਮਿਟਾਉਣ ਵਾਲਿਆਂ ਨੂੰ ਕੋਈ ਸਜ਼ਾ ਦਿਵਾਈ ਗਈ ਹੈ।
ਡਾ. ਮਜ਼ੀਦ ਆਜ਼ਾਦ ਅਤੇ ਗੁਰਪਿਆਰ ਸਿੰਘ ਨੇ ਕਿਹਾ ਕਿ ਸਰਕਾਰਾਂ ਵਲੋਂ ਕੋਈ ਸਖਤ ਸਜ਼ਾ ਦੇਣ ਦਾ ਕਾਨੂੰਨ ਬਣਾ ਕੇ ਲਾਗੂ ਕਰਨਾ ਕਿਸੇ ਅਪਰਾਧ ਨੂੰ ਖ਼ਤਮ ਕਰਨ ਦੀ ਗਾਰੰਟੀ ਨਹੀਂ ਹੋ ਸਕਦਾ।