ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡੀ ਜੀ ਪੀ ਵਜੋਂ ਅਹੁਦਾ ਸੰਭਾਲਣ ਮਗਰੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ
ਡੀ ਜੀ ਪੀ ਨੇ CM ਮਾਨ ਨੂੰ ਦਿੱਤੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ
ਰੈਗੂਲਰ ਡੀ ਜੀ ਪੀ ਵਜੋਂ ਅਹੁਦਾ ਸੰਭਾਲਣ ਮਗਰੋਂ ਗੌਰਵ ਯਾਦਵ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 1992 ਬੈਚ ਦੇ ਆਈ ਪੀ ਐੱਸ (IPS) ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਨਿਯੁਕਤ ਕਰ ਦਿੱਤਾ ਹੈ। ਉਹ ਜੁਲਾਈ 2022 ਤੋਂ ਕਾਰਜਕਾਰੀ ਡੀ ਜੀ ਪੀ ਵਜੋਂ ਸੇਵਾ ਨਿਭਾ ਰਹੇ ਸਨ। ਇਸ ਫ਼ੈਸਲੇ ਨਾਲ ਰੈਗੂਲਰ ਡੀਜੀਪੀ ਦੇ ਅਹੁਦੇ ਦੀ ਨਿਯੁਕਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਬਣੀ ਅਨਿਸ਼ਚਿਤਤਾ ਖ਼ਤਮ ਹੋ ਗਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ।ਅਹੁਦਾ ਸੰਭਾਲਣ ਤੋਂ ਬਾਅਦ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਹਾਲ ਹੀ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਜਨਹਿੱਤ ਪਟੀਸ਼ਨ (PIL) ਦੀ ਸੁਣਵਾਈ ਕਰਦਿਆਂ ਸੂਬਾ ਸਰਕਾਰ ਨੂੰ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਕਿਹਾ ਸੀ ਕਿ ਆਰਜ਼ੀ ਪ੍ਰਬੰਧ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਤੈਅ ਕੀਤੀ ਸੀ।
ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦੇ ਨਿਯੁਕਤੀ ਹੁਕਮਾਂ ਤੋਂ ਬਾਅਦ, ਪੰਜਾਬ ਪੁਲੀਸ ਨੇ 'ਐਕਸ' (X) 'ਤੇ ਦੱਸਿਆ ਕਿ ਗੌਰਵ ਯਾਦਵ ਨੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਪੁਲੀਸ ਫੋਰਸ ਦੇ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ।
ਡੀ ਜੀ ਪੀ ਨੇ ਐਕਸ 'ਤੇ ਕਿਹਾ, "ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਸਥਿਤੀ ਅਤੇ ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਸਨ।"
ਉਨ੍ਹਾਂ ਕਿਹਾ, "ਪੰਜਾਬ ਪੁਲੀਸ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿੱਚ ਮਦਦ ਕਰਨ ਲਈ ਵਚਨਬੱਧ ਹੈ।"
ਸੂਬਾ ਸਰਕਾਰ ਵੱਲੋਂ ਭੇਜੇ ਗਏ 14 ਸੀਨੀਅਰ ਆਈ ਪੀ ਐੱਸ ਅਧਿਕਾਰੀਆਂ ਦੇ ਪੈਨਲ ਵਿੱਚੋਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਈ ਸ਼ਾਰਟਲਿਸਟ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਗੌਰਵ ਯਾਦਵ ਦਾ ਨਾਂ ਸ਼ਾਮਲ ਸੀ।
ਯੂ ਪੀ ਐੱਸ ਸੀ ਵੱਲੋਂ ਭੇਜੇ ਪੈਨਲ ਵਿੱਚ ਸਪੈਸ਼ਲ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਬਾਕੀ ਦੋ ਅਧਿਕਾਰੀ ਸਨ।
ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਯੂ ਪੀ ਐੱਸ ਸੀ ਨੇ 1 ਜੁਲਾਈ ਦੀ ਆਪਣੀ ਚਿੱਠੀ ਰਾਹੀਂ ਸੂਬਾ ਸਰਕਾਰ ਵੱਲੋਂ ਭੇਜੇ ਗਏ ਪੈਨਲ ਵਿੱਚੋਂ ਤਿੰਨ ਆਈ ਪੀ ਐੱਸ ਅਧਿਕਾਰੀਆਂ ਨੂੰ ਡੀ ਜੀ ਪੀ ਅਹੁਦੇ ਦੀ ਨਿਯੁਕਤੀ ਲਈ ਢੁਕਵਾਂ ਮੰਨਦਿਆਂ ਸ਼ਾਰਟਲਿਸਟ ਕੀਤਾ ਸੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਯੂ ਪੀ ਐੱਸ ਸੀ ਤੋਂ ਪ੍ਰਾਪਤ ਪੈਨਲ 'ਤੇ ਵਿਚਾਰ ਕਰਨ ਤੋਂ ਬਾਅਦ ਹੀ ਗੌਰਵ ਯਾਦਵ ਨੂੰ ਸੂਬਾ ਪੁਲੀਸ ਫੋਰਸ ਦੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਹੈ।

