ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਮਈ
ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦਾ ਪਲੇਠਾ ਬਜਟ ਲੋਕ ਪੱਖੀ ਹੋਵੇਗਾ। ਉਨ੍ਹਾਂ ਨੇ ਅੱਜ ਡੀਸੀ ਦਫ਼ਤਰ ਵਿੱਚ ਮੁਹਾਲੀ ਦੇ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ, ਨਿੱਜੀ ਸਿੱਖਿਆ ਅਦਾਰਿਆਂ ਦੇ ਨੁਮਾਇੰਦਿਆਂ ਸਮੇਤ ‘ਆਪ’ ਵਲੰਟੀਅਰਾਂ ਨਾਲ ਬਜਟ ਨੂੰ ਲੈ ਕੇ ਮੀਟਿੰਗ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਬਜਟ ਬਾਰੇ ਆਮ ਲੋਕਾਂ ਦੀ ਰਾਇ ਲੈਣ ਲਈ ਅੱਜ ਇਹ ਆਖ਼ਰੀ ਮੀਟਿੰਗ ਸੀ ਅਤੇ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਮੁਤਾਬਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਲਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 1987 ਤੋਂ ਪਹਿਲਾਂ ਪੰਜਾਬ ਦਾ ਬਜਟ ਦਾ ਸਰਪਲੱਸ ਬਜਟ ਹੁੰਦਾ ਸੀ ਜਦਕਿ 1992 ਤੋਂ ਬਾਅਦ ਆਈਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਕਰਜ਼ਈ ਹੁੰਦਾ ਗਿਆ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜਿ੍ਹਆ ਹੋਇਆ ਹੈ।
ਖ਼ਜ਼ਾਨਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸੁਝਾਅ ਲੈਣ ਲਈ ਪੋਰਟਲ ਵੀ ਲਾਂਚ ਕੀਤਾ ਗਿਆ ਸੀ, ਜਿਸ ’ਤੇ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਸੁਝਾਅ ਭੇਜੇ ਹਨ। ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰਕੇ ਬਲੂਪ੍ਰਿੰਟ ਤਿਆਰ ਕਰ ਲਿਆ ਗਿਆ ਹੈ।
ਇਸ ਮੌਕੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏਡੀਸੀ ਅਮਨਿੰਦਰ ਕੌਰ ਬਰਾੜ, ਪੂਜਾ ਐੱਸ ਗਰੇਵਾਲ, ਐੱਸਡੀਐੱਮ ਹਰਬੰਸ ਸਿੰਘ ਤੇ ਅਭਿਸ਼ੇਕ ਗੁਪਤਾ, ‘ਆਪ’ ਦੇ ਸੀਨੀਅਰ ਆਗੂ ਵਿਨੀਤ ਵਰਮਾ, ਅਮਰਦੀਪ ਕੌਰ, ਇਕਬਾਲ ਸਿੰਘ ਮੌਜੂਦ ਸਨ।