ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੂਨ
ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਵੱਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ। ਆਨੰਦ ਸਾਹਿਬ ਦੇ ਪਾਠ ਉਪਰੰਤ ਭਾਈ ਜਸਪਾਲ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਨਾਂ ਆਗੂਆਂ ਨੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ’ਤੇ ਹੋਏ ਫੌਜੀ ਹਮਲੇ ਦੀ ਨਿਖੇਧੀ ਕਰਦਿਆਂ ਸ਼ਹੀਦ ਸਿੰਘਾਂ ਤੇ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਦਰਬਾਰ ਸਾਹਿਬ ’ਤੇ ਹਮਲਾ ਸਿੱਖ ਇਤਿਹਾਸ ਵਿੱਚ ਤੀਜਾ ਵੱਡਾ ਘੱਲੂਘਾਰਾ ਸੀ ਅਤੇ ਕਾਂਗਰਸ ਦੀ ਕਥਿਤ ਸ਼ਹਿ ’ਤੇ ਹੋਏ ਇਸ ਹਮਲੇ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕੇਗੀ। ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਜੂਨ ਸਿੱਖ ਸੰਗਤ ਲਈ ਕਹਿਰ ਦਾ ਮਹੀਨਾ ਹੈ ਅਤੇ ਉਸ ਸਮੇਂ ਦੇ ਹਾਕਮਾਂ ਵੱਲੋਂ ਦਿੱਤੇ ਜ਼ਖ਼ਮ ਅੱਜ ਵੀ ਹਰੇ ਹਨ। ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਓਐੱਸਡੀ ਚਰਨਜੀਤ ਸਿੰਘ ਬਰਾੜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀ।