ਗਿੱਲ ਵੱਲੋਂ ਭਵਿੱਖੀ ਰਣਨੀਤੀ ਲਈ ਸਮਰਥਕਾਂ ਨਾਲ ਮੀਟਿੰਗ
ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਉਪਰੰਤ ਅਗਲੀ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਲਈ ਆਪਣੇ ਸਮਰਥਕਾਂ ਨਾਲ ਸਥਾਨਕ ਰੋਪੜ ਰੋਡ ’ਤੇ ਮੀਟਿੰਗ ਕੀਤੀ ਗਈ। ਸਾਬਕਾ ਕੌਸਲਰ ਤੇ ਅਕਾਲੀ ਆਗੂ ਪਰਮਜੀਤ ਸਿੰਘ ਪੰਮੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਵੱਡੀ ਗਿਣਤੀ ਸ਼ਹਿਰ ਵਾਸੀਆਂ ਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਪਰ ਪਿਛਲੇ ਸਮੇਂ ਦੌਰਾਨ ਸ਼ੋਮਣੀ ਅਕਾਲੀ ਦਲ ਵੱਲੋਂ ਬਾਹਰਲੇ ਲੋਕਾਂ ਨੂੰ ਅਹੁਦੇਦਾਰੀਆਂ ਦੇ ਕੇ ਉਨ੍ਹਾਂ ਨੂੰ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਹਲਕੇ ਦੇ ਪਾਰਟੀ ਵਰਕਰਾਂ ਦੀ ਇੱਛਾ ਤੇ ਸਭਨਾਂ ਨਾਲ ਸਲਾਹ ਮਸ਼ਵਰਾਂ ਕਰਨ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫ਼ਾ ਦਿੱਤਾ ਹੈ। ਇਸ ਮੌਕੇ ਪੰਮੀ, ਸੁਰਜੀਤ ਸਿੰਘ ਤੇ ਹੋਰਨਾਂ ਨੇ ਸ੍ਰੀ ਗਿੱਲ ਦਾ ਸਾਥ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਸ੍ਰੀ ਗਿੱਲ ਨੇ ਪਿੰਡ ਕਾਂਸਲ, ਨਵਾਂ ਗਰਾਓਂ, ਕਰੌਰਾਂ ਇਲਾਕੇ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਜੇ ਉਹ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ। ਇਸ ਮੌਕੇ ਕੌਂਸਲਰ ਬੀਬੀ ਤਰਨਜੀਤ ਕੌਰ ਬੈਂਸ, ਸੀਨੀਅਰ ਯੂਥ ਆਗੂ ਕੁਲਜੀਤ ਸਿੰਘ ਤੇ ਰਵਨੀਤ ਸਿੰਘ ਸਣੇ ਸਾਬਕਾ ਕੌਂਸਲਰ ਇਕਬਾਲ ਸਿੰਘ ਸੈਣੀ ਆਦਿ ਹਾਜ਼ਰ ਸਨ।