ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਜੂਨ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੁਹਾਲੀ ਵਿੱਚ ਨਵੇਂ ਸਰਕਾਰੀ ਹਸਪਤਾਲ ਦੀ ਉਸਾਰੀ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ 8.72 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਉਸਾਰੀ ਲਈ ਸੈਕਟਰ-66 ਵਿੱਚ 18 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਵਾਲੀ 42204.8 ਵਰਗ ਗਜ ਜ਼ਮੀਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਛੇਤੀ ਹੀ ਡੇਰਾਬੱਸੀ ਤੱਕ ਦੇ ਵੱਡੇ ਹਿੱਸੇ ਨੂੰ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰੇਗਾ। ਇਹ ਹਸਪਤਾਲ ਸਾਰੀਆਂ ਡਾਕਟਰੀ ਸਹੂਲਤਾਂ ਅਤੇ ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੋਵੇਗਾ।
ਸਿਹਤ ਮੰਤਰੀ ਨੇ ਕਿਹਾ ਮੁੱਖ ਮੰਤਰੀ ਨੇ ਹਸਪਤਾਲ ਦੀ ਉਸਾਰੀ ਲਈ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਲੈਂਟਰ ਆਫ਼ ਇੰਟੈਂਟ (ਐਲਓਆਈ) ਜਲਦ ਜਾਰੀ ਕਰਨ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਧੰਨਵਾਦ ਕੀਤਾ। ਇਸ ਦੌਰਾਨ, ਖੇਤਰ ਵਿਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਦਿਆਲਪੁਰਾ, ਡੇਰਾਬੱਸੀ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ ਸਥਾਪਤ ਕੀਤਾ ਜਾ ਰਿਹਾ ਹੈ। ਮੈਡੀਕਲ ਕਾਲਜ ਮੁਹਾਲੀ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ ਅਤੇ ਇਹ ਸੂਬੇ ਵਿਚ ਡਾਕਟਰਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰੇਗਾ।