ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਅਗਸਤ
ਗਮਾਡਾ ਵੱਲੋਂ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਕੀਤੀ ਜਾ ਰਹੀ ਮਹਿੰਗੀ ਜਲ ਸਪਲਾਈ ਦੇ ਮਾਮਲੇ ਦੀ ਅੱਜ ਸਥਾਨਕ ਲੋਕ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਗਮਾਡਾ ਦੇ ਸੀਏ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਤਲਬ ਕੀਤਾ। ਇਸ ਸਬੰਧੀ ਅਕਾਲੀ-ਭਾਜਪਾ ਗੱਠਜੋੜ ਦੇ ਸਾਬਕਾ ਕੌਂਸਲਰਾਂ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ, ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਜਸਬੀਰ ਕੌਰ ਅੱਤਲੀ, ਰਾਜਿੰਦਰ ਕੌਰ ਕੁੰਭੜਾ ਅਤੇ ਰਜਨੀ ਗੋਇਲ ਨੇ ਲੋਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅੱਜ ਸੁਣਵਾਈ ਦੌਰਾਨ ਨਿਗਮ ਕਮਿਸ਼ਨਰ ਵੱਲੋਂ ਕਾਨੂੰਨੀ ਸਲਾਹਕਾਰ ਨੇ ਪੇਸ਼ ਹੋ ਕੇ ਪਟੀਸ਼ਨ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ’ਤੇ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਪਹਿਲਾਂ ਹੀ ਨਗਰ ਨਿਗਮ ਦਫ਼ਤਰ ਵਿੱਚ ਪਟੀਸ਼ਨ ਦੀ ਕਾਪੀ ਦੇ ਚੁੱਕੇ ਹਨ ਜਦੋਂਕਿ ਗਮਾਡਾ ਦੇ ਸੀਏ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਵੱਲੋਂ ਕੋਈ ਨੁਮਾਇੰਦਾ ਪੇਸ਼ ਨਹੀਂ ਹੋਇਆ। ਅਦਾਲਤ ਨੇ ਦੋਵੇਂ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਮਾਮਲੇ ਦੀ ਅਗਲੀ ਸੁਣਵਾਈ ਮੌਕੇ 21 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।