ਗੁਰਦੁਆਰਾ ਸਿੰਘ ਸ਼ਹੀਦਾਂ ’ਚ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ
ਸੇਵਾ ਦੀ ਸਪੂੰਰਨਤਾ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ
Advertisement
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ’ਤੇ ਸੋਨੇ ਦੀ ਸੇਵਾ ਮੁਕੰਮਲ ਹੋ ਗਈ ਹੈ। ਸੇਵਾ ਦੀ ਸਪੂੰਰਨਤਾ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਪੰਜ ਪਿਆਰਿਆਂ ਵੱਲੋਂ ਅਰਦਾਸ ਕੀਤੀ ਗਈ। ਸੰਤ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਵੱਲੋਂ ਸੰਗਤ ਦੇ ਭਰਵੇਂ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਆਖ਼ਰੀ ਪਤਰੇ ਲਵਾ ਕੇ ਸੇਵਾ ਮੁਕੰਮਲ ਕਰਵਾਈ ਗਈ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਸਮੇਤ ਕਈ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ’ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜ੍ਹਾਉਣ ਦੀ ਸੇਵਾ ਪਿਛਲੇ ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਅੱਜ ਸੇਵਾ ਮੁਕੰਮਲ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁ-ਮੰਜ਼ਿਲੀ ਕਾਰ ਪਾਰਕਿੰਗ ਦੀ ਸੇਵਾ ਵੀ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Advertisement
Advertisement