ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਫਰਵਰੀ
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਸੀਨੀਅਰ ਐਡਵੋਕੇਟ ਅਮਰਜੀਤ ਸਿੰਘ ਲੌਂਗੀਆਂ ਨੇ ਆਪਣੇ ਵਕੀਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦਿੱਲੀ ਦੇ ਵਿਧਾਇਕ ਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਵਕੀਲਾਂ ਦਾ ਸਵਾਗਤ ਕੀਤਾ।
ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਤੇ ਅਕਾਲੀ ਦਲ ਆਪਸ ਵਿੱਚ ਮਿਲ ਕੇ ਵਿਧਾਨ ਸਭਾ ਦੀਆਂ ਚੋਣਾਂ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਿਛਲੇ ਸੱਤ ਦਹਾਕਿਆਂ ਤੋਂ ਵਾਰੀ ਬੰਨ੍ਹ ਕੇ ਪੰਜਾਬ ਨੂੰ ਲੁੱਟਣ ਵਾਲੀਆਂ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਇਸ ਨਾਪਾਕ ਗੱਠਜੋੜ ਨੂੰ ਤੋੜਨ ਦਾ ਲੋਕਾਂ ਕੋਲ ਹੁਣ ਬਹੁਤ ਸੁਨਹਿਰੀ ਮੌਕਾ ਹੈ, ਜੇ ਲੋਕ ਹੁਣ ਵੀ ਖੁੰਝ ਗਏ ਤਾਂ ਉਨ੍ਹਾਂ ਕੋਲ ਪਛਤਾਉਣ ਤੋਂ ਬਿਨਾਂ ਕੁਝ ਨਹੀਂ ਬਚੇਗਾ।
ਇਸ ਤੋਂ ਪਹਿਲਾਂ ਐਡਵੋਕੇਟ ਅਮਰਜੀਤ ਸਿੰਘ ਲੌਂਗੀਆਂ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਮੁਹਾਲੀ, ਖਰੜ ਅਤੇ ਡੇਰਾਬੱਸੀ ਹਲਕਿਆਂ ਵਿੱਚ ਆਪ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਵਿਨੀਤ ਵਰਮਾ, ਮਾਲਵਿੰਦਰ ਸਿੰਘ ਕੰਗ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਬਾਸੀ, ਜਰਨੈਲ ਸਿੰਘ, ਯਾਦਵਿੰਦਰ ਸਿੰਘ ਭੰਗੂ, ਅਜੈ ਸ਼ੰਕਰ, ਪਰਮਿੰਦਰ ਸਿੰਘ, ਰੋਹਿਤ ਕੁਮਾਰ, ਜਸਮੀਤ ਸਿੰਘ ਸਰਵਾਰਾ, ਰਣਜੋਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸਿੱਧੂ, ਤੇਜਿੰਦਰ ਸਿੰਘ ਭੰਗੂ, ਰੋਹਿਤ ਗਰਗ, ਹਰਨੀਤ ਕੌਰ (ਸਾਰੇ ਵਕੀਲ) ਹਾਜ਼ਰ ਸਨ।