Goldy Brar’s Father Granted Bail: ਫ਼ਰਾਰ ਅਤਿਵਾਦੀ ਗੋਲਡੀ ਬਰਾੜ ਦੇ ਪਿਤਾ ਨੂੰ ਮਿਲੀ ਜ਼ਮਾਨਤ
50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਅਦਾਲਤ ਨੇ ਸੁਣਾਇਆ ਫੈਸਲਾ
Goldy Brar’s Father Granted Bail: ਇੱਥੋਂ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕੈਨੇਡਾ ਬੈਠੇ ਫ਼ਰਾਰ ਅਤਿਵਾਦੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸ਼ਮਸ਼ੇਰ ਸਿੰਘ ’ਤੇ ਇੱਕ ਸਰਕਾਰੀ ਸਕੂਲ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਮੁਕਤਸਰ ਨਿਵਾਸੀ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਨੂੰ ਇਸੇ ਸਾਲ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸ਼ਮਸ਼ੇਰ ਸਿੰਘ ਦੇ ਵਕੀਲ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਅਦਾਲਤ ਨੇ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਪ੍ਰੀਤਪਾਲ ਕੌਰ ਨੂੰ ਮਾਰਚ ਮਹੀਨੇ ਵਿੱਚ ਹੀ ਜ਼ਮਾਨਤ ਮਿਲ ਗਈ ਸੀ, ਜਦੋਂਕਿ ਸ਼ਮਸ਼ੇਰ ਦੀ ਜ਼ਮਾਨਤ ਅਰਜ਼ੀ ਪਹਿਲਾਂ ਦਾਇਰ ਨਹੀਂ ਕੀਤੀ ਗਈ ਸੀ।
ਕੀ ਸੀ ਪੂਰਾ ਮਾਮਲਾ?
ਇਹ ਮਾਮਲਾ ਦਸੰਬਰ 2024 ਵਿੱਚ ਦਰਜ ਹੋਇਆ ਸੀ, ਜਦੋਂ ਮੁਕਤਸਰ ਦੇ ਇੱਕ ਅਧਿਆਪਕ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਲਗਾਤਾਰ ਫਿਰੌਤੀ ਦੀਆਂ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼ੁਰੂਆਤ ਵਿੱਚ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਪਰ ਕਰੀਬ ਇੱਕ ਸਾਲ ਬਾਅਦ ਸ਼ਿਕਾਇਤਕਰਤਾ ਵੱਲੋਂ ਸ਼ਮਸ਼ੇਰ ਸਿੰਘ ਦਾ ਨਾਂ ਲਏ ਜਾਣ ’ਤੇ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਗੋਲਡੀ ਬਰਾੜ ਨੇ ਦਿੱਤੀ ਸੀ ਚਿਤਾਵਨੀ
ਮਾਪਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਗੋਲਡੀ ਬਰਾੜ ਦੀ ਇੱਕ ਕਥਿਤ ਆਡੀਓ ਕਲਿੱਪ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਸ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਸ਼ਮਸ਼ੇਰ ਸਿੰਘ ਪੰਜਾਬ ਪੁਲੀਸ ਵਿੱਚ ਬਤੌਰ ਏ.ਐਸ.ਆਈ. (ASI) ਤਾਇਨਾਤ ਸੀ, ਪਰ 2021 ਵਿੱਚ ਇੱਕ ਕਤਲ ਕੇਸ ਵਿੱਚ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਜ਼ਬਰਦਸਤੀ ਸੇਵਾਮੁਕਤ (Compulsory Retirement) ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇੱਕ ਗੁਆਂਢੀ ਜ਼ਿਲ੍ਹੇ ਵਿੱਚ ਵੀ ਉਸ ’ਤੇ ਫਿਰੌਤੀ ਦੇ ਦੋਸ਼ ਲੱਗੇ ਸਨ। ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ।

