ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 18 ਅਗਸਤ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਮੁਹਾਲੀ ਸਥਿਤ ਪੁੱਡਾ ਭਵਨ ਵਿਖੇ ਡੇਰਾਬੱਸੀ ਦੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਵਾਂ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਤੇ ਅਧਿਕਾਰੀਆਂ ਨੂੰ ਪ੍ਰਾਜੈਕਟ ਜਲਦੀ ਮੁਕੰਮਲ ਕਰਵਾਉਣ ਦੀ ਹਦਾਇਤ ਕੀਤੀ।
ਜੰਗਲਾਤ ਮੰਤਰੀ ਵੱਲੋਂ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਨਿਰਦੇਸ਼
ਮੁਹਾਲੀ: ਪੰਜਾਬ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਲੋਕ ਇਸ ਨੇਕ ਕੰਮ ਵਿੱਚ ਯੋਗਦਾਨ ਪਾ ਰਹੇ ਹਨ। ਇਹ ਪ੍ਰਗਟਾਵਾ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿੱਚ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਉੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਵਿਭਾਗੀ ਦੀਆਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ। ਸ੍ਰੀ ਕਟਾਰੂਚੱਕ ਨੇ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਸਥਿਤ ਵੈਟਲੈਂਡ, ਜਿੱਥੇ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਨੂੰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਿੱਚ ਲੱਕੜ ਮੰਡੀ ਨੂੰ ਵੀ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਪਰਕ ਹੋਵੇ। ਮੰਤਰੀ ਨੇ ਸੂਬੇ ਵਿਚਲੇ ਚਿੜੀਆ-ਘਰਾਂ ਅਤੇ ਉਨ੍ਹਾਂ ਵਿੱਚ ਰੱਖੇ ਗਏ ਜਾਨਵਰਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਦੇ ਨਿਰਦੇਸ਼ ਵੀ ਦਿੱਤੇ