ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ (ਮੁਹਾਲੀ), 23 ਸਤੰਬਰ
ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਸਹਾਇਤਾ ਕਰਨ ਲਈ ਵਚਨਬੱਧ ਹੈ।
ਇਹ ਦਾਅਵਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਅਧੀਨ ਆਈਟੀਆਈ ਪਾਸ 20 ਸਿਖਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਟੂਲ ਕਿੱਟਾਂ ਵੰਡਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਇਨ੍ਹਾਂ ਨੌਜਵਾਨਾਂ ਨੂੰ ਦਸ-ਦਸ ਹਜ਼ਾਰ ਦੇ ਬਿਜਲਈ ਕੰਮਾਂ ਨਾਲ ਸਬੰਧਿਤ ਟੂਲ ਮੁਹੱਈਆ ਕਰਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਲਦੀ ਹੀ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਮੁਹੱਈਆ ਕਰਾਈਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਕੰਮ ਕਰਨ ਅਤੇ ਪਰਿਵਾਰਾਂ ਦੀ ਆਰਥਿਕਤਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਕੋਵਿਡ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪ੍ਰੇਰਿਆ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਲਾਭਪਾਤਰੀਆਂ ਦੀ ਚੋਣ ਨਿਰਪੱਖਤਾ ਨਾਲ ਏਡੀਸੀ (ਵਿਕਾਸ) ਦੀ ਨਿਗਰਾਨੀ ਹੇਠਲੀ ਕਮੇਟੀ ਵੱਲੋਂ ਕੀਤੀ ਗਈ ਹੈ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਤਹਿਸੀਲ ਅਫ਼ਸਰ ਪਰਮਜੀਤ ਸਿੰਘ ਵੀ ਮੌਜੂਦ ਸਨ।