ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 6 ਮਈ
ਇੱਥੋਂ ਦੇ ਫੇਜ਼-6 ਸਥਿਤ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਨੂੰ ਮੁਹਾਲੀ ਤੋਂ ਬਾਹਰ ਪੰਜਾਬ ਦੇ ਹੋਰ ਕਿਸੇ ਸ਼ਹਿਰ ਵਿੱਚ ਸ਼ਿਫ਼ਟ ਨਹੀਂ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਮੁਹਾਲੀ ਵਿੱਚ ਹੀ ਰਹੇਗਾ। ਇਹ ਭਰੋਸਾ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਸਰਕਾਰ ਦੀ 50 ਦਿਨ ਦੀ ਵਧੀਆ ਕਾਰਗੁਜ਼ਾਰੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂਆਤੀ ਦਿਨਾਂ ਵਿੱਚ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰੀ ਮੈਡੀਕਲ ਕਾਲਜ ਨੂੰ ਮੁਹਾਲੀ ਤੋਂ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਅਤੇ ਚੋਣ ਵਾਅਦੇ ਪੂਰੇ ਨਾ ਕਰਨ ਬਾਰੇ ਝੂਠਾ ਪ੍ਰਚਾਰ ਕਰ ਰਹੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਜਿਨ੍ਹਾਂ ਰਸੂਖਵਾਨਾਂ ਵੱਲੋਂ ਸ਼ਾਮਲਾਟ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਜ਼ਮੀਨਾਂ ਤੋਂ ਜਲਦੀ ਹੀ ਨਾਜਾਇਜ਼ ਕਬਜ਼ੇ ਹਟਾਏ ਜਾਣਗੇ।