ਹਸਪਤਾਲ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਰਾਹ ਤੁਰੀ ਸਰਕਾਰ: ਸਿੱਧੂ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦੇ ਰਾਹ ਤੁਰ ਪਈ ਹੈ। ਉਨ੍ਹਾਂ ਇਸ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਹਤ ਵਿਭਾਗ ਦੇ ਬਣੇ ਬਣਾਏ ਸਮੁੱਚੇ ਢਾਂਚੇ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਫ਼ੈਸਲੇ ਕਰ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪਹਿਲੇ ਗੇੜ ਵਿਚ ਰਾਜਪੁਰਾ, ਮੋਗਾ, ਫਿਰੋਜ਼ਪੁਰ ਅਤੇ ਅਤੇ ਮੂਨਕ ਦੇ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦਾ ਮੁੱਢਲਾ ਅਮਲ ਪੂਰਾ ਕਰ ਲਿਆ ਹੈ। ਇਸ ਮਗਰੋਂ ਹੌਲੀ-ਹੌਲੀ ਸਾਰੇ ਸਰਕਾਰੀ ਹਸਪਤਾਲ ਨਿੱਜੀ ਕੰਪਨੀਆਂ ਨੂੰ ਦੇ ਦਿੱਤੇ ਜਾਣਗੇ।
ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਮਾਜ ਦਾ ਗ਼ਰੀਬ ਤਬਕਾ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਪ੍ਰਾਈਵੇਟ ਕੰਪਨੀਆਂ ਨੇ ਇਨ੍ਹਾਂ ਹਸਪਤਾਲਾਂ ਵਿਚ ਸੂਬਾ ਸਰਕਾਰ ਤੇ ਕੇਂਦਰ ਸਰਕਾਰੀ ਦੀ ਕਿਸੇ ਸਕੀਮ ਨੂੰ ਵੀ ਲਾਗੂ ਨਹੀਂ ਕਰਨਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਨਿੱਜੀਕਰਨ ਦਾ ਅਮਲ ਇਨ੍ਹਾਂ ਵਿਚ ਪ੍ਰਾਈਵੇਟ ਲੈਬਾਰਟਰੀਆਂ ਨੂੰ ਲਿਆ ਕੇ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਸਪੈਸ਼ਲਿਸਟ ਡਾਕਟਰਾਂ ਦੀ ਖੁਦ ਭਰਤੀ ਕਰਨ ਦੀ ਥਾਂ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਪੈਸ਼ਲਿਸਟ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ ਵੇਖਣ ਦੀ ਸਕੀਮ ਬਣਾਈ। ਉਨ੍ਹਾਂ ਕਿਹਾ ਕਿ ਹੁਣ ਤਾਂ ਸਰਕਾਰੀ ਹਸਪਤਾਲਾਂ ਨੂੰ ਹੀ ਨਿੱਜੀ ਕੰਪਨੀਆਂ ਨੂੰ ਸੌਂਪ ਕੇ ਲੋਕਾਂ ਨੂੰ ਸਸਤੇ ਰੇਟਾਂ ਉਤੇ ਮਿਆਰੀ ਸਹੂਲਤਾਂ ਦੇਣ ਦੇ ਆਪਣੇ ਮੁੱਢਲੇ ਫ਼ਰਜ਼ ਤੇ ਦਾਅਵਿਆਂ ਤੋਂ ਭੱਜ ਰਹੀ ਹੈ।
