ਦਰਸ਼ਨ ਸਿੰਘ ਸੋਢੀ
ਮੁਹਾਲੀ, 13 ਅਕਤੂਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਬੋਰਡ ਮੈਨੇਜਮੈਂਟ ਵੱਲੋਂ ਕੀਤੇ ਜਾਂਦੇ ਉਸਾਰੂ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾਕਟਰ ਭਾਟੀਆ ਨੇ ਕਿਹਾ ਕਿ ਸ੍ਰੀ ਪ੍ਰਗਟ ਸਿੰਘ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੁਹਾਰਤ ਹਾਸਲ ਹੈ ਅਤੇ ਇਹ ਦੋਵੇਂ ਵਿਸ਼ੇ ਸਕੂਲ ਬੋਰਡ ਦੇ ਅਨਿੱਖੜਵੇਂ ਅੰਗ ਹਨ। ਇਸ ਮੌਕੇ ਸ੍ਰੀ ਪ੍ਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਮਾਹਿਰਾਂ ਅਤੇ ਸਾਹਿਤਕਾਰਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਸਿੱਖਿਆ ਮੰਤਰੀ ਨੇ ਬੋਰਡ ਦੀ ਮੌਜੂਦਾ ਸਥਿਤੀ, ਪ੍ਰੀਖਿਆ ਨੀਤੀ ਅਤੇ ਪਾਠਕ੍ਰਮ ਬਾਰੇ ਵੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਸਕੂਲੀ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ’ਤੇ ਜ਼ੋਰ ਦਿੱਤਾ।