ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ 'ਜਿਸ ਦਾ ਖੇਤ, ਉਸ ਦਾ ਰੇਤ' ਨੂੰ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਕਿਸਾਨ ਆਪਣੇ ਖੇਤਾਂ ਵਿੱਚੋਂ ਗਾਰ ਦੇ ਰੂਪ ਵਿਚ ਆਈ ਰੇਤ ਚੁੱਕ ਕੇ ਅੱਗੇ ਵੇਚ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਕਰਕੇ ਆਪਣੀ ਜੀਅ ਗੁਆਉਣ ਵਾਲੇ ਪਰਿਵਾਰਾਂ ਨੂੰ 4 ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦੇਵੇਗੀ। ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ, ਉਸ ਬਾਰੇ ਸਰਵੇ ਕਰਵਾਇਆ ਜਾਵੇਗਾ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚੋਂ ਲਏ ਕਰਜ਼ੇ ਦੀ ਅਦਾਇਗੀ ਲਈ ਛੇ ਮਹੀਨੇ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਛੇ ਮਹੀਨੇ ਕੋਈ ਕਿਸ਼ਤ ਭਰਨ ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਸ਼ੂਆਂ ਅਤੇ ਹੋਰ ਜਾਨਵਰਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬਿਮਾਰੀਆਂ ਰੋਕਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ 1700 ਪਿੰਡਾਂ ਵਿੱਚ ਫੋਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਆਵੇਗੀ ਅਤੇ ਲੋਕਾਂ ਦਾ ਇਲਾਜ ਕਰੇਗੀ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਰਕੇ ਬਿਜਲੀ ਵਿਭਾਗ ਦੇ ਟਰਾਂਸਫਾਰਮਰਾਂ ਅਤੇ ਹੋਰ ਵਧੇਰੇ ਨੁਕਸਾਨ ਹੋ ਗਿਆ ਹੈ। ਇਸ ਦਾ ਵੀ ਸਰਵੇ ਕਰਵਾ ਕੇ ਭਵਿੱਖ ਦੀ ਯੋਜਨਾ ਤਿਆਰ ਕੀਤੀ ਜਾਵੇਗੀ।