ਸ਼ਹੀਦ ਹਰਮਿੰਦਰ ਸਿੰਘ ਦੀ ਪਿੰਡ ’ਚ ਯਾਦਗਾਰ ਬਣਾਏਗੀ ਸਰਕਾਰ: ਭਗਤ
ਸ੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਪਿੰਡ ਬਦੀਨਪੁਰ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਐਲਾਨੀ ਇਕ ਕਰੋੜ ਦੀ ਰਾਸ਼ੀ ਵਿੱਚੋਂ 6 ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਜਲਦੀ ਹੀ ਪਰਿਵਾਰ ਨੂੰ ਬਾਕੀ ਦੇ 94 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਅਤੇ ਪਿੰਡ ਵਿੱਚ ਯਾਦਗਾਰ ਦਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਇਨਸਾਨ ਦੇਸ਼ ਲਈ ਕੁਰਬਾਨੀ ਦਿੰਦਾ ਹੈ ਉਸ ਨੂੰ ਦੁਨੀਆ ਹਮੇਸ਼ਾਂ ਯਾਦ ਰੱਖਦੀ ਹੈ। ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਰਿਵਾਰ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬਲਜਿੰਦਰ ਸਿੰਘ ਵਿਰਕ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।