ਪੱਤਰ ਪ੍ਰੇਰਕ
ਕੁਰਾਲੀ, 21 ਅਪਰੈਲ
ਸਿਹਤ ਵਿਭਾਗ ਵੱਲੋਂ ਅੱਜ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਬਲਾਕ ਪੱਧਰੀ ਸਿਹਤ ਮੇਲੇ ਦੌਰਾਨ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਸਿਹਤ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਜੋਕੇ ਸਮੇਂ ’ਚ ਮਿਆਰੀ ਸਿਹਤ ਸਹੂਲਤਾਂ ਮਨੁੱਖੀ ਜੀਵਨ ਦੀ ਸਭ ਤੋਂ ਅਹਿਮ ਲੋੜ ਹੈ, ਜਿਨ੍ਹਾਂ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕਥਿਤ ਧਿਆਨ ਨਹੀਂ ਦਿੱਤਾ ਗਿਆ। ਬੀਬਾ ਮਾਨ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਿਹਤ ਤੇ ਸਿੱਖਿਆ ‘ਆਪ’ ਸਰਕਾਰ ਦੇ ਤਰਜੀਹੀ ਖੇਤਰ ਹਨ। ਕੈਂਪ ’ਚ ਵੱਖ ਵੱਖ ਵਿਭਾਗਾਂ ਵਲੋਂ ਸਟਾਲ ਲਾਏ ਗਏ ਤੇ ਸਿਹਤ ਜਾਂਚ ਕਰਕੇ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਆਯੂਸ਼ਮਾਨ ਭਾਰਤ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ।