ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਰੇਗੀ ਪੰਜਾਬ ਦਾ ਉਜਾੜਾ: ਚੰਦੂਮਾਜਰਾ
ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 5 ਜੁਲਾਈ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਖਤਰਨਾਕ ਦੱਸਦਿਆਂ ਕਿਹਾ ਕਿ ਇਹ ਨੀਤੀ ਪੰਜਾਬ ਦਾ ਉਜਾੜਾ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਡੂੰਘੀ ਸਾਜਿਸ਼ ਦੇ ਤਹਿਤ ਪੰਜਾਬ ਦੀ ‘ਡੈਮੋਗ੍ਰਾਫੀ’ ਨੂੰ ਬਦਲਣ ਦੀ ਕਾਰਵਾਈ ਚੱਲ ਰਹੀ ਅਤੇ ਨਵੀਂ ਨੀਤੀ ਲਾਗੂ ਹੋਣ ਨਾਲ ਪੰਜਾਬ ਜੋ ਕਿ ਹਰਿਆਲੀ ਤੇ ਖੁਸ਼ਹਾਲੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਕੰਕਰੀਟ ਤੇ ਪੱਥਰਾਂ ਦੀ ਭੂਮੀ ਬਣ ਜਾਵੇਗਾ। ਚੰਦੂਮਾਜਰਾ ਨੇ ਸਮੂਹ ਰਾਜਨੀਤਕ ਧਿਰਾਂ ਨੂੰ ਇੱਕ ਸਾਂਝੇ ਮੰਚ ਤੇ ਇਸ ਲੈਂਡ ਪੂਲਿੰਗ ਪਾਲਿਸੀ ਦਾ ਡੱਟ ਕੇ ਵਿਰੋਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਰਬਾਦੀ ਤੇ ਤਬਾਹੀ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਕਿਸਾਨ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਮਿਲ ਕੇ ਨੀਤੀ ਦਾ ਵਿਰੋਧ ਕਰਨਗੇ।
ਪੰਥਕ ਏਕਤਾ ਤੇ ਅਕਾਲੀ ਦਲ ਦੀ ਸੁਰਜੀਤੀ ਲਈ ਸ਼੍ਰੋਮਣੀ ਕਮੇਟੀ ਚੋਣਾਂ ਦੀ ਮੰਗ
ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥਕ ਏਕਤਾ, ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਤੇ ਪੰਥਕ ਸੰਸਥਾਵਾਂ ਨੂੰ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ 2024 ਨੂੰ ਜਾਰੀ ਕੀਤੇ ਗਏ ਹੁਕਮਨਾਮੇ ਤੇ ਅਮਲ ਕਰਨ ਦੀ ਅਪੀਲ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਹਾਲਾਤ ’ਚ ਕੋਈ ਸਿਰਕੱਢ ਆਗੂ ਨਹੀਂ ਹੈ ਜੋ ਸਿੱਖ ਕੌਮ ਦੀ ਅਗਵਾਈ ਕਰ ਸਕੇ ਤੇ ਤਖਤਾਂ ਦੇ ਜਥੇਦਾਰਾਂ ਆਪਸੀ ਕਥਿਤ ਵਿਵਾਦ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਮਸਲਿਆਂ ਦਾ ਸਥਾਈ ਹੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਨ, ਜੋ ਤੁਰੰਤ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਗਸਤ ਦੇ ਦੂਜੇ ਹਫਤੇ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਅਕਾਲੀ ਦਲ ਦਾ ਢਾਂਚਾ ਤਿਆਰ ਕਰਕੇ ਇੱਕ ਸਰਬ-ਪ੍ਰਵਾਨਿਤ ਆਗੂ ਕੌਮ ਨੂੰ ਦੇ ਦਿੱਤਾ ਜਾਵੇਗਾ।