ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਨੂੰ ਐੱਸਸੀ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਵਜ਼ੀਫ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਵਿੱਦਿਅਕ ਅਦਾਰਿਆਂ ਨੂੰ ਵਿੱਤੀ ਸੰਕਟ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਲਿਖਤੀ ਪੱਤਰ ਭੇਜਣ ਦੇ ਬਾਵਜੂਦ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਇਸ ਮੌਕੇ 2016-2017 ਸੈਸ਼ਨ ਵਿਚ ਪਾਸ ਹੋਏ 450 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 37 ਨੂੰ ਸੋਨ ਤਗ਼ਮੇ ਵੰਡੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਮਹਾਨ ਧਰਤੀ ਅਤੇ ਮਾਤਾ ਗੁਜਰੀ ਜੀ ਦੇ ਨਾਮ ’ਤੇ ਬਣੇ ਇਸ ਕਾਲਜ ਤੋਂ ਸਿੱਖਿਆ ਹਾਸਲ ਕਰਨਾ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਵਾਗਤ ਕਰਦਿਆਂ ਕਾਲਜ ਦੀਆਂ ਸਾਨਦਾਰ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਦੀ ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਅਜੋਕੀ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ’ਤੇ ਝਾਤ ਪਾਈ। ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਅਵਤਾਰ ਸਿੰਘ ਰਿਆ, ਐਡ. ਅਮਰਦੀਪ ਸਿੰਘ ਧਾਰਨੀ, ਸਾਬਕਾ ਪ੍ਰਧਾਨ ਸ਼ੇਰ ਸਿੰਘ, ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਾ. ਤੇਜਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਸੌਰਵ ਗੁਪਤਾ ਆਦਿ ਹਾਜ਼ਰ ਸਨ।