ਪੱਤਰ ਪ੍ਰੇਰਕ
ਪੰਚਕੂਲਾ, 12 ਜੁਲਾਈ
ਇੱਥੇ ਸੈਕਟਰ 23 ਵਿੱਚ ਕੇਂਦਰੀ ਕੱਪੜਾ ਮੰਤਰੀ ਪਿਯੂਸ਼ ਗੋਇਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਨਿਫਟ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ 20 ਫੀਸਦੀ ਸੀਟਾਂ ਹਰਿਆਣਾ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਮੌਜੂਦਾ ਸੈਸ਼ਨ ਵਿੱਚ ਤਿੰਨ ਅੰਡਰ ਗਰੈਜੂਏਟ ਅਤੇ ਦੋ ਪੋਸਟ ਗ੍ਰੈਜੂਏਟ ਕੋਰਸ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ, ਸਪੀਕਰ ਗਿਆਨ ਚੰਦ ਗੁਪਤਾ, ਅੰਬਾਲਾ ਹਲਕੇ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਅਤੇ ਸਿੱਖਿਆ ਮੰਤਰੀ ਕੰਵਰਪਾਲ ਅਤੇ ਕਈ ਹੋਰ ਸ਼ਖ਼ਸੀਅਤ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਸ੍ਰੀ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਫਟ ਦੇ ਇਸ ਪ੍ਰਾਜੈਕਟ ਉੱਤੇ 100.98 ਕਰੋੜ ਰੁਪਏ ਖਰਚਾ ਆਇਆ ਹੈ। ਕੇਂਦਰੀ ਮੰਤਰੀ ਸ੍ਰੀ ਗੋਇਲ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਟੇਟ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ ਹੈ। ਇਸ ਬਿਲਡਿੰਗ ਨੂੰ ਹਰਿਆਣਾ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਨੇ ਤਿਆਰ ਕੀਤਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਿੰਨੇ ਵੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਕ੍ਰਮਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਰਿਹਾ ਹੈ।