ਦਰਸ਼ਨ ਸਿੰਘ ਸੋਢੀ
ਮੁਹਾਲੀ, 30 ਜੂਨ
ਮੌਨਸੂਨ ਦੀ ਪਹਿਲੀ ਬਾਰਸ਼ ਹੋਣ ਨਾਲ ਭਾਵੇਂ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ ਪਰ ਅੱਜ ਸਵੇਰੇ ਲਗਾਤਾਰ ਹੋ ਰਹੀ ਬਾਰਸ਼ ਨੇ ਮੁਹਾਲੀ ਪ੍ਰਸ਼ਾਸਨ, ਨਗਰ ਨਿਗਮ, ਗਮਾਡਾ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਅਤੇ ਕਾਫੀ ਥਾਵਾਂ ‘ਤੇ ਰਿਹਾਇਸ਼ੀ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਜਮਾਂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇੱਥੋਂ ਦੇ ਫੇਜ਼-2, ਫੇਜ਼-4, ਫੇਜ਼-5, ਫੇਜ਼-7, ਫੇਜ਼-3ਬੀ1, ਫੇਜ਼-3ਬੀ2, ਫੇਜ਼-7, ਫੇਜ਼-9 ਅਤੇ ਫੇਜ਼-11 ਆਦਿ ਰਿਹਾਇਸ਼ੀ ਖੇਤਰ ਵਿੱਚ ਪੂਰੀ ਤਰਾਂ ਜਲਥਲ ਹੋ ਗਈ ਅਤੇ ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ।
ਹਾਲਾਂਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੁੱਝ ਦਿਨ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਹੜ੍ਹਾਂ ਦੇ ਸੰਭਾਵੀ ਖਤਰੇ ਦਾ ਖਦਸ਼ਾ ਪ੍ਰਗਟ ਕਰਦਿਆਂ ਅਗਾਊਂ ਪ੍ਰਬੰਧ ਕਰਨ ਅਤੇ ਸਮੂਹ ਚੋਅ, ਗੰਦੇ ਪਾਣੀ ਦੇ ਨਾਲਿਆਂ ਅਤੇ ਗਲੀਆਂ ਦੀ ਸਫਾਈ ਕਰਕੇ ਜਲ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਸੀ।
ਨਗਰ ਨਿਗਮ ਦੇ ਮੇਅਰ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮੌਨਸੂਨ ਦੇ ਮੌਸਮ ਨੂੰ ਲੈ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਅੱਜ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇੱਥੋਂ ਤੱਕ ਕਿ ਕਾਬਜ਼ ਧਿਰ ਦੇ ਕਈ ਮੈਂਬਰਾਂ ਨੇ ਜਲ ਪ੍ਰਬੰਧਾਂ ‘ਤੇ ਲੱਖਾਂ ਰੁਪਏ ਖਰਚ ਕਰਨ ਦੇ ਦਾਅਵਿਆਂ ‘ਤੇ ਸਵਾਲ ਚੁੱਕੇ ਗਏ। ਪਿੰਡ ਝਿਊਰਹੇੜੀ ਵਿੱਚ ਕਾਫੀ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ। ਮੁਹਾਲੀ ਪਿੰਡ ਦੇ ਸਾਬਕਾ ਕੌਂਸਲਰ ਨੰਬਰਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਸੜਕ ‘ਤੇ ਗੋਡੇ ਗੋਡੇ ਪਾਣੀ ਖੜ ਜਾਣ ਕਾਰਨ ਪੂਰੀ ਮਾਰਕੀਟ ਬੰਦ ਪਈ ਹੈ ਅਤੇ ਕਈ ਦੁਕਾਨਾਂ ਵਿੱਚ ਪਾਣੀ ਨਾਲ ਕਾਫੀ ਨੁਕਸਾਨ ਹੋ ਗਿਆ।
ਅਜੈਬ ਸਿੰਘ ਬਾਕਰਪੁਰ ਨੇ ਦੱਸਿਆ ਕਿ ਫੇਜ਼ ਸੱਤ ਵੀ ਪਾਣੀ ਆ ਗਿਆ। ਸੁਖਦੀਪ ਸਿੰਘ ਨਿਆਂ ਸ਼ਹਿਰ ਅਤੇ ਭਾਜਪਾ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਫੇਜ਼ ਚਾਰ ਅਤੇ ਫੇਜ਼ ਪੰਜ ਵਿੱਚ ਵੀ ਮੀਂਹ ਦਾ ਪਾਣੀ ਜਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਦਾ ਖਮਿਆਜ਼ਾ ਸ਼ਹਿਰ ਵਾਸੀ ਭੁਗਤ ਰਹੇ ਹਨ। ਸੁਖਬੀਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਝਿਊਰਹੇੜੀ ਵਿੱਚ ਕਾਫੀ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।