ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਦੂਰ ਦੁਰਾਡੇ ਲਗਾਉਣ ਦਾ ਸਖ਼ਤ ਵਿਰੋਧ ਕੀਤਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਜਥੇਬੰਦੀ ਨੂੰ ਭਰੋਸਾ ਦਵਾਇਆ ਸੀ ਕਿ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੇ ਪਿਤਰੀ ਬਲਾਕ ਵਿੱਚ ਲਗਾਈਆਂ ਜਾਣਗੀਆਂ ਅਤੇ ਪੰਚਾਇਤੀ ਚੋਣਾਂ ਅਤੇ ਪਾਰਲੀਮੈਂਟ ਚੋਣਾਂ ਵਿੱਚ ਅਜਿਹਾ ਵਾਪਰਿਆ ਵੀ, ਪਰ ਹੁਣ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਚੋਣ ਡਿਊਟੀਆਂ ਦੂਰ ਦੁਰਾਡੇ ਲਗਾ ਕੇ ਅਧਿਆਪਕਾਂ ਨੂੰ ਪਰੇਸ਼ਾਨ ਕਰਨਾ ਅਤਿ ਨਿੰਦਣਯੋਗ ਹੈ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਰਦੀ ਦਾ ਮੌਸਮ ਹੈ ਅਤੇ ਮਹਿਲਾ ਅਧਿਆਪਕਾਂ ਨੂੰ ਦੂਰ ਦੁਰਾਡੇ ਲਗਾਈਆਂ ਡਿਊਟੀਆਂ ਕਾਰਨ ਅਨੇਕਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਬੀ.ਐਲ.ਓਜ਼ ਦੀ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 8 ਦਸੰਬਰ ਨੂੰ ਸਾਂਝੇ ਅਧਿਆਪਕ ਮੋਰਚੇ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮਿਲ ਕੇ ਆਪਣਾ ਵਿਰੋਧ ਦਰਜ ਕਰਵਾਏਗਾ ਅਤੇ ਡਿਊਟੀਆਂ ਪਿਤਰੀ ਬਲਾਕਾਂ ਵਿੱਚ ਲਗਾਉਣ ਲਈ ਮੰਗ ਕਰੇਗਾ।

