ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਪੁਲੀਸ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਸਲਾਮੀ ਅਤੇ ਗਾਰਡ ਆਫ਼ ਆਨਰ ਪੇਸ਼ ਕੀਤਾ ਜਦਕਿ ਸਕੂਲੀ ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਰੈੱਡ ਕਰਾਸ, ਯੁਵਕ ਸੇਵਾਵਾਂ ਵਿਭਾਗ, ਸਾਈਕਲ ਕਲੱਬਾਂ ਸਮੇਤ ਹੋਰ ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰਾਂ ਨੇ ਸਾਈਕਲ ਰੈਲੀ ਕੱਢੀ। ਰੈਲੀ ਨੂੰ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸਪੀ ਵਿਵੇਕਸ਼ੀਲ ਸੋਨੀ ਸਮੇਤ ਸਮੂਹ ਜ਼ਿਲ੍ਹਾ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਮੇਤ ਡੀਸੀ, ਐੱਸਐੱਸਪੀ ਸਮੇਤ ਏਡੀਸੀ ਅਮਨਿੰਦਰ ਕੌਰ ਬਰਾੜ, ਏਡੀਸੀ ਪੂਜਾ ਐੱਸ ਗਰੇਵਾਲ, ਏਡੀਸੀ ਅਵਨੀਤ ਕੌਰ ਅਤੇ ਜ਼ਿਲ੍ਹਾ ਅਧਿਕਾਰੀਆਂ ਨੇ ਸ਼ਹੀਦ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਲਈ ਹੱਸਦੇ ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਆਪਣੇ ਬੱਚਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਐੱਸਡੀਐੱਮ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਸਹਾਇਕ ਡਾਇਰੈਕਟਰ (ਯੁਵਕ ਸੇਵਾਵਾਂ) ਡਾ. ਮਲਕੀਤ ਸਿੰਘ ਮਾਨ ਤੇ ਹੋਰ ਪਤਵੰਤੇ ਹਾਜ਼ਰ ਸਨ।