ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀ ਨੌਕਰੀ ਸੁਰੱਖਿਅਤ ਕਰਨ ਲਈ ਜਲਦ ਨੀਤੀ ਅਮਲ ਵਿਚ ਲਿਆਉਣ ਅਤੇ ਪ੍ਰਭਾਵਿਤ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ (ਕਾਲਜਾਂ) ਮੁਹਾਲੀ ਦਫ਼ਤਰ ਅੱਗੇ ਸੰਯੁਕਤ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਧਰਨਾ ਦਿੱਤਾ। ਇਸ ਮੌਕੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਡਾ. ਰਾਵਿੰਦਰ ਸਿੰਘ, ਪ੍ਰੋ. ਗੁਰਸੇਵ ਸਿੰਘ, ਡਾ. ਪਰਮਜੀਤ ਸਿੰਘ ਤੇ ਪ੍ਰੋ.ਮੁਹੰਮਦ ਤਨਵੀਰ ਨੇ ਕਿਹਾ ਕਿ ਨਵੇਂ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਕਰਨ ਨਾਲ ਸੂਬੇ ਵਿਚ 185 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪ੍ਰਭਾਵਿਤ ਹੋ ਗਏ ਸਨ, ਕਿਉਂਕਿ ਉਨ੍ਹਾਂ ਦੀਆਂ ਅਸਾਮੀਆਂ ਨੂੰ ਖਾਲੀ ਦਰਸਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 123 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਜਨਵਰੀ 2025 ਤੋਂ ਤਨਖ਼ਾਹ ਨਹੀਂ ਦਿੱਤੀ ਗਈ ਜਦ ਕਿ ਉਹ ਕਾਲਜਾਂ ਵਿਚ ਅਕਾਦਮਿਕ ਦੇ ਨਾਲ-ਨਾਲ ਹਰ ਤਰ੍ਹਾਂਂ ਦੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਕਈ ਵਾਰ ਉਚੇਰੀ ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਆ ਕਰਨ ਲਈ ਨੀਤੀ ਬਣਾਉਣ ਦੀ ਮੰਗ ਕਰ ਚੁੱਕੇ ਹਨ ਪਰ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ।
ਇਸ ਮੌਕੇ ਪੁਲੀਸ ਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਵਫ਼ਦ ਦੀ ਮੀਟਿੰਗ ਡੀਪੀਆਈ ਦਫ਼ਤਰ ਦੇ ਅਧਿਕਾਰੀਆਂ ਨਾਲ ਕਰਵਾਈ, ਜਿਨ੍ਹਾਂ 29 ਜੁਲਾਈ ਤੱਕ ਵਫ਼ਦ ਨਾਲ ਮੁੜ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।