ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਪਿੰਡ ਪੇ੍ਮਗੜ੍ਹ (ਸੈਣੀ ਮਾਜਰਾ) ਵਿਚਲੀ ਬਾਕੀ ਬਚਦੀ ਕਰੀਬ 12.5 ਏਕੜ ਬਹੁ-ਕਰੋੜੀ ਜ਼ਮੀਨ ਵੇਚਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਪਿਛਲੇ ਦਿਨੀਂ ਐੱਸਜੀਪੀਸੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਅਤੇ ਇਲਾਕੇ ਦੀ ਸੰਗਤ ਨੇ ਜ਼ਮੀਨ ਵੇਚਣ ਦਾ ਮੁੱਦਾ ਚੁੱਕਿਆ ਸੀ। ਹਾਲਾਂਕਿ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਤਿੰਨ ਮੈਂਬਰਾਂ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਮੀਟਿੰਗ ਕਰਕੇ ਸਥਿਤੀ ਸਪੱਸ਼ਟ ਕਰਨ ਦਾ ਯਤਨ ਕੀਤਾ ਸੀ ਪ੍ਰੰਤੂ ਅੱਜ ਸਿੱਖ ਜਥੇਬੰਦੀ ਅਕਾਲ ਯੂਥ ਦੇ ਮੁਖੀ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਐੱਸਜੀਪੀਸੀ ਮੈਨੇਜਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਗੁਰੂਘਰ ਦੀ ਜ਼ਮੀਨ ਵੇਚਣ ਦੀ ਕਾਰਵਾਈ ਫੌਰੀ ਤੌਰ ’ਤੇ ਰੱਦ ਕੀਤੀ ਜਾਵੇ। ਸਿੱਖ ਮਸਲਿਆਂ ਦੀ ਪੈਰਵਾਈ ਕਰਨ ਵਾਲੇ ਹਾਈ ਕੋਰਟ ਦੇ ਵਕੀਲਾਂ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਅਕਾਲ ਯੂਥ ਦੇ ਮੁਖੀ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਐਸਜੀਪੀਸੀ ਪਹਿਲਾਂ ਵੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚ ਚੁੱਕੀ ਹੈ ਅਤੇ ਹੁਣ ਫਿਰ ਬਾਕੀ ਬਚਦੀ ਜ਼ਮੀਨ ਨੂੰ ਵੇਚਣ ਦੇ ਰੌਂਅ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਦੀ ਸਾਰੀ ਜ਼ਮੀਨ ਇੱਕ ਥਾਂ ਇਕੱਠੀ ਕਰਕੇ ਉੱਥੇ ਸਕੂਲ, ਕਾਲਜ ਜਾਂ ਹਸਪਤਾਲ ਬਣਾਇਆ ਜਾਵੇ। ਖਾੜਕੂ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕੁਰਬਾਨੀਆਂ ਕਰਕੇ ਐੱਸਜੀਪੀਸੀ ਹੋਂਦ ਵਿੱਚ ਆਈ ਸੀ, ਪ੍ਰੰਤੂ ਮੌਜੂਦਾ ਸਮੇਂ ਵਿੱਚ ਇਕ ਅਜਿਹਾ ਸਿਆਸੀ ਲਾਣਾ ਕਾਬਜ਼ ਹੋ ਗਿਆ ਹੈ। ਹਾਈ ਕੋਰਟ ਦੇ ਸੀਨੀਅਰ ਵਕੀਲ ਅਮਰ ਸਿੰਘ ਚਾਹਲ ਨੇ ਕਿਹਾ ਕਿ ਜ਼ਮੀਨ ਨੂੰ ਖੁਰਦ ਬੁਰਦ ਨਾ ਕੀਤੀ ਜਾਵੇ, ਸਗੋਂ ਇਸ ਨੂੰ ਪੰਥਕ ਕਾਰਜਾਂ ਲਈ ਵਰਤਿਆ ਜਾਵੇ। ਐੱਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟਿਵਾਣਾ ਦੀ ਗੈਰਮੌਜੂਦਗੀ ਵਿੱਚ ਉਨ੍ਹਾਂ ਦੇ ਨੁਮਾਇੰਦੇ ਨੇ ਸਿੱਖ ਆਗੂਆਂ ਤੋਂ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਮੰਗ ਪੱਤਰ ਐੱਸਜੀਪੀਸੀ ਪ੍ਰਧਾਨ ਤੇ ਹੋਰ ਉੱਚ ਅਧਿਕਾਰੀਆਂ ਕੋਲ ਪਹੁੰਚਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂਘਰ ਦੀ ਮਾਲੇਰ ਕੋਟਲਾ ਸਥਿਤ ਜ਼ਮੀਨ ਦਾ ਠੇਕਾ ਦੇਣ ਲਈ ਮੈਨੇਜਰ ਉੱਥੇ ਗਏ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਮੀਨ ਨੂੰ ਐਕਵਾਇਰ ਕਰਨ ਤੋਂ ਰੋਕਣ ਲਈ ਪੁੱਡਾ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।